ਪੰਜਾਬ ‘ਚ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਹੁਣ ਮਿਲੇਗੀ 10 ਹਜ਼ਾਰ ਦੀ ਵਿੱਤੀ ਮਦਦ

ਜੈਤੋਂ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤੇਜ਼ਾਬ ਹਮਲਾ ਪੀੜਤਾਂ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਦੇ ਤਹਿਤ ਹੁਣ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024 ਸਿਰਫ ਔਰਤਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਹਮਲਾ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਹਮਲਾ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਇਸ ਅਹਿਮ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਮਾਜ ‘ਚ ਸਮਾਨਤਾ ਅਤੇ ਨਿਆਂ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ ‘ਚ ਵਾਧਾ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਇਸ ਸਕੀਮ ਤਹਿਤ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਹੈ। ਪੰਜਾਬ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2017 ਸਕੀਮ ਨੂੰ ਲਿੰਗ ਨਿਰਪੱਖ ਬਣਾਉਂਦੇ ਹੋਏ ਹੁਣ ਇਹ ਸਕੀਮ ਪੰਜਾਬ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024 ਦੇ ਨਾਂ ਨਾਲ ਜਾਣੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ 20 ਜੂਨ 2017 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸਿਰਫ ਤੇਜ਼ਾਬ ਹਮਲਾ ਪੀੜਤ ਔਰਤਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਹੁਣ ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਦੀ ਨਵੀਂ ਦਿਸ਼ਾ ਵੱਲ ਕਦਮ ਵਧਾਉਂਦੇ ਹੋਏ ਇਸ ਸਕੀਮ ‘ਚ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਸ਼ਾਮਲ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਇਹ ਸਕੀਮ ਤੇਜ਼ਾਬ ਹਮਲਾ ਪੀੜਤਾਂ ਦੀ ਆਰਥਿਕ ਸਹਾਇਤਾ ਕਰੇਗੀ ਅਤੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਏਗੀ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਤੇਜ਼ਾਬ ਹਮਲਾ ਪੀੜਤਾਂ ਲਈ ਇੱਕ ਵੱਡਾ ਕਦਮ ਹੈ, ਜੋ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਕੀਤੀ ਕਿ ਇਸ ਨਾਲ ਤੇਜ਼ਾਬ ਹਮਲਾ ਪੀੜਤਾ ਨੂੰ ਨਵੀਂ ਉਮੀਦ ਅਤੇ ਆਤਮ-ਨਿਰਭਰਤਾ ਮਿਲੇਗੀ। ਤੇਜ਼ਾਬ ਹਮਲਾ ਪੀੜਤਾਂ ਲਈ ਇਹ ਵਿੱਤੀ ਸਹਾਇਤਾ ਆਰਥਿਕ ਹਾਲਤ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

Leave a Reply

Your email address will not be published. Required fields are marked *