ਕੋਟਕਪੂਰਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ ਬਲਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਵੀ ਉਤਾਰ ਕੇ ਇਥੇ ਲਿਆਂਦਾ ਗਿਆ ਜੋ ਅਮਰੀਕਾ ਦੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਅੱਜ ਇਥੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਵੇਲੇ ਡਿਪੋਰਟ ਹੋਣ ਵਾਲੇ ਨੌਜਵਾਨਾਂ ਦੇ ਹੱਥਾਂ ਨੂੰ ਹੱਥਕੜੀਆਂ ਲਗਾਈਆਂ ਜਾ ਰਹੀਆਂ ਸਨ, ਉਸ ਵੇਲੇ ਦੇਸ਼ ਦੇ ਪ੍ਰਧਾਨ ਮੰਤਰੀ ਅਮਰੀਕਾ ਵਿੱਚ ਹੀ ਰਾਸ਼ਟਰਪਤੀ ਟਰੰਪ ਨਾਲ ਹੱਥ ਮਿਲਾ ਰਹੇ ਸਨ। ਉਨ੍ਹਾਂ ਕਿਹਾ ਕਿ ਕੋਲੰਬੀਆ ਵਰਗੇ ਛੋਟੇ ਦੇਸ਼ਾਂ ਦੇ ਲੋਕਾਂ ਨੂੰ ਤਾਂ ਅਮਰੀਕਾ ਵੱਲੋਂ ਪੂਰੇ ਸਨਮਾਨ ਨਾਲ ਭੇਜਿਆ ਜਾ ਰਿਹਾ ਹੈ ਪਰ ਉਥੇ ਹੁੰਦੇ ਹੋਏ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਪਣੇ ਮੁਲਕ ਦੇ ਲੋਕਾਂ ਨੂੰ ਸਨਮਾਨਯੋਗ ਤਰੀਕੇ ਨਾਲ ਵਾਪਸ ਭੇਜਣ ਬਾਰੇ ਕੋਈ ਗੱਲ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ 200 ਸਾਲਾਂ ਤੋਂ ਪਰਵਾਸ ਕਰ ਰਹੇ ਆ ਪਰ ਹੁਣ ਨੌਜਵਾਨ ਗੈਰਕਾਨੂੰਨੀ ਤਰੀਕੇ ਨਾਲ ਜਾ ਕੇ ਆਪਣੇ ਪਰਿਵਾਰ ਦਾ ਆਰਥਿਕ, ਮਾਨਸਿਕ ਅਤੇ ਜਜ਼ਬਾਤੀ ਨੁਕਸਾਨ ਕਰ ਰਹੇ ਹਨ ਅਤੇ ਕਈ ਤਾਂ ਜ਼ਮੀਨਾਂ ਤੱਕ ਵੇਚ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੇ ਵੀ ਪੰਜਾਬੀ ਡਿਪੋਰਟ ਹੋ ਕੇ ਆ ਰਹੇ ਹਨ, ਪੰਜਾਬ ਦੇ ਮੁੱਖ ਮੰਤਰੀ ਅਤੇ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਗੈਰਕਾਨੂੰਨੀ ਤਰੀਕੇ ਨਾਲ ਇਨ੍ਹਾਂ ਨੂੰ ਭੇਜਣ ਵਾਲੇ ਏਜੰਟਾਂ ’ਤੇ ਕੋਈ ਕਾਰਵਾਈ ਕਰਨ ਬਾਰੇ ਪੁੱਛੇ ਜਾਣ ’ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਾਰਿਆਂ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਥੇ ਰਹਿ ਦੇਸ਼ ਵਿੱਚ ਹੱਥੀ ਕੰਮ ਕਰਨ ਪਰ ਜੇਕਰ ਵਿਦੇਸ਼ ਜਾਣ ਦੀ ਜ਼ਰੂਰਤ ਹੈ ਤਾਂ ਸਹੀ ਅਤੇ ਯੋਗ ਤਰੀਕੇ ਨਾਲ ਹੀ ਜਾਇਆ ਜਾਵੇ।
US deportation row: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸੰਧਵਾਂ
