ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦੇਣ ਤੋਂ ਅਗਲੇ ਦਿਨ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਬਾਹਰ ਹੋਣ ਦਾ ਫੈਸਲਾ ਕਰ ਲਿਆ ਹੈ। ਇਸ ਬਾਰੇ ਪ੍ਰੋਫੈਸਰ ਬਡੂੰਗਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਕਮੇਟੀ ਤੋਂ ਫਾਰਗ ਕਰਨ ਦੀ ਗੱਲ ਕਹੀ ਹੈ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਜਥੇਦਾਰ ਸਾਹਿਬਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ “ਆਪ ਜੀ ਵੱਲੋਂ ਸੂਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਦਾਸ ਨੂੰ ਕਮੇਟੀ ਵਿਚ ਮੈਂਬਰ ਨਾਮਜ਼ਦ ਕੀਤਾ ਗਿਆ ਸੀ, ਜਿਸ ਲਈ ਆਪ ਜੀ ਦਾ ਧੰਨਵਾਦ।
ਆਪ ਜੀ ਦੇ ਧਿਆਨ ਹਿਤ ਹੈ ਕਿ ਉਸ ਕਮੇਟੀ ਦੀਆਂ ਦੋ ਮੀਟਿੰਗਾਂ ਹੁਣ ਤੱਕ ਹੋ ਚੁੱਕੀਆਂ ਹਨ ਅਤੇ ਪਲੇਠੀ ਮੀਟਿੰਗ ਪਟਿਆਲਾ ਵਿਖੇ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਹੋ ਚੁੱਕੀ ਹੈ ਅਤੇ ਦੂਸਰੀ ਮੀਟਿੰਗ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫ਼ਿਸ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਦੋਵੇਂ ਮੀਟਿੰਗਾਂ ਵਿਚ ਸਤਿਕਾਰਯੋਗ ਮੈਂਬਰ ਸਾਹਿਬਾਨ ਸ਼ਾਮਲ ਹੋਏ ਸਨ ਸਾਰੇ ਸਤਿਕਾਰਯੋਗ ਮੈਂਬਰ ਸਾਹਿਬਾਨ ਨੇ ਆਪਣੇ ਵਿਚਾਰ ਦਿੱਤੇ ਸੀ, ਪ੍ਰੰਤੂ ਆਖ਼ਰੀ ਫ਼ੈਸਲਾ ਨਹੀਂ ਹੋ ਸਕਿਆ। ਦੋਵੇਂ ਮੀਟਿੰਗਾਂ ਦੌਰਾਨ ਵਿਚਾਰਾਂ ਵੀ ਹੋਈਆਂ ਸਨ, ਪ੍ਰੰਤੂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਹਨ। ਹੁਣ ਪ੍ਰਧਾਨ ਐਡਵੋਕੇਟ ਧਾਮੀ ਸਾਹਿਬ ਨੇ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।