ਚੰਡੀਗੜ੍ਹ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪੁੱਜੇ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕਥਿਤ ਸ਼ਹਿ ’ਤੇ ਪੁਲੀਸ ਵੱਲੋਂ ਉਨ੍ਹਾਂ ਦੇ ਸਾਥੀਆਂ ਖਿਲਾਫ਼ ਝੂਠੇ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ। ਉਹ ਇਸ ਮਸਲੇ ’ਤੇ ਗੱਲਬਾਤ ਕਰਨ ਲਈ ਆਏ ਹਨ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅਚਾਨਕ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਦੇ ਪਿਛਲੇ ਪਾਸੇ ਪਹੁੰਚੇ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਰਵਨੀਤ ਬਿੱਟੂ ਨੇ ਜਦੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਸੁਰੱਖਿਆ ਕਰਮੀ ਅਤੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਵਿਚਕਾਰ ਮਾਮੂਲੀ ਖਿੱਚਧੂਹ ਵੀ ਹੋਈ। ਬਿੱਟੂ ਨੇ ਦਾਅਵਾ ਕੀਤਾ ਕਿ ਦਿੱਲੀ ’ਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ।