ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਰਵਨ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਦੋ ਦਿਨ ਦਾ ਇਜਲਾਸ ਕੀਤਾ ਜਾ ਰਿਹਾ ਹੈ | ਇਹ ਇਜਲਾਸ ਲੰਬਾ ਹੋਣਾ ਚਾਹੀਦਾ ਹੈ ਅਤੇ ਪੰਜਾਬ ਦੇ ਮੁੱਦਿਆਂ ਤੇ ਖੁੱਲ ਕੇ ਚਰਚਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਕਿਸਾਨੀ ਮੁੱਦਿਆਂ ਨੂੰ ਲੈ ਕੇ ਜਿਹੜੀਆਂ 12 ਮੰਗਾਂ ਕੇਂਦਰ ਸਰਕਾਰ ਅੱਗੇ ਰੱਖ ਰਹੇ ਹਨ ਉਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਹਿਮਤੀ ਦੇ ਕੇ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾਵੇ ਅਤੇ ਇਸ ਸਬੰਧੀ ਮਤਾ ਪਾਸ ਕੀਤਾ ਜਾਵੇ |
ਪੰਦੇਰ ਨੇ ਕਿਹਾ ਕਿ ਮੰਡੀਕਰਨ ਦਾ ਜੋ ਖਰੜਾ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਹੈ ਉਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਕੇ ਕੇਂਦਰ ਨੂੰ ਭੇਜਿਆ ਜਾਵੇ | ਉਹਨਾਂ ਕਿਹਾ ਕਿ ਗੈਰ ਕਾਨੂੰਨੀ ਢੰਗ ਦੇ ਨਾਲ ਟਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਭੇਜਣ ਵਾਲੇ ਏਜੰਟਾਂ ਦੇ ਖ਼ਿਲਾਫ਼ ਕੋਈ ਸਖ਼ਤ ਕਾਨੂੰਨ ਲਿਆਂਦਾ ਜਾਵੇ ਅਤੇ ਇਹਨਾਂ ਏਜੰਟਾਂ ਤੇ ਕਾਰਵਾਈ ਕੀਤੀ ਜਾਵੇ |