Pandemonium in Punjab Assembly ਪੰਜਾਬ ਅਸੈਂਬਲੀ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ‘ਆਪ’ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ (ਆਪ) ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਾਲਾਂਕਿ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਜਵਾ ਨੂੰ ਬੈਠਣ ਲਈ ਆਖਦਿਆਂ ਕਿਹਾ ਕਿ ਉਹ ਬਿਜਲੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਜਵਾਬ ਨੂੰ ਸੁਣਨ। ਬਾਜਵਾ ਨੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਇਕ ਕਮੇਟੀ ਬਣਾਉਣ ਦੀ ਆਪਣੀ ਮੰਗ ਦੁਹਰਾਈ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਐਸੋਸੀਏਸ਼ਨ ਵੱਲੋਂ ਲਿਖੇ ਪੱਤਰ ਤੋਂ ਜਾਣੂ ਹਨ, ਜਿਸ ਵਿਚ ਇਕ ਪਾਰਟੀ ਨੇ ਪਾਰਟੀ ਫੰਡ ਵਜੋਂ 50 ਹਜ਼ਾਰ ਰੁਪਏ ਮੰਗੇ ਗਏ ਸਨ। ਹਾਲਾਂਕਿ ਕਿਸੇ ਪਾਰਟੀ ਨਾਮ ਨਹੀਂ ਦਿੱਤਾ ਗਿਆ।
ਅਰੋੜਾ ਨੇ ਕਿਹਾ ਕਿ ਮੰਤਰੀ ਹਰਭਜਨ ਸਿੰਘ ਈਟੀਓ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਇਕ ਘਟਨਾ ਦੀ ਮਿਸਾਲ ਵੀ ਦਿੱਤੀ ਜਿੱਥੇ ਮੰਤਰੀ (ਈਟੀਓ) ਨੇ ਇਕ ਭ੍ਰਿਸ਼ਟ ਵਿਅਕਤੀ ਦੀ ਗ੍ਰਿਫ਼ਤਾਰੀ ਕਰਵਾਈ ਸੀ।
ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਦਫਤਰ ’ਚੋਂ ਅੰਬੇਡਕਰ ਦੀ ਫ਼ੋਟੋ ਲਾਹੇ ਜਾਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਨਿੰਦਾ ਪ੍ਰਸਤਾਵ ਲੈ ਕੇ ਆਉਣ ਦੀ ਮੰਗ ਕੀਤੀ, ਜਿਸ ਦੀ ਪ੍ਰਤਾਪ ਸਿੰਘ ਬਾਜਵਾ ਨੇ ਹਮਾਇਤ ਕੀਤੀ।