ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਨਵੰਬਰ 1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਕੀਤਾ ਹੈ।
ਮਿਲੇ ਵੇਰਵਿਆਂ ਦੇ ਮੁਤਾਬਿਕ ਉਹ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਸਕਦੇ ਹਨ, ਜਿਨ੍ਹਾਂ ਨੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਉਹ ਐਡਵੋਕੇਟ ਧਾਮੀ ਨੂੰ ਅਪਣਾ ਅਸਤੀਫਾ ਵਾਪਸ ਲੈਣ ਲਈ ਕਹਿ ਸਕਦੇ ਹਨ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਅਪੀਲ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ।
ਅੱਜ ਅੰਮ੍ਰਿਤਸਰ ਤੋਂ ਰਵਾਨਾ ਹੋਣ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਕੀਤੀ ਗੱਲਬਾਤ ਦੌਰਾਨ ਆਖਿਆ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਸਿੱਖ ਕੌਮ ਦਾ ਵੱਡਾ ਨੁਕਸਾਨ ਹੋਇਆ ਸੀ ਅਤੇ ਇਹ ਸਿੱਖ ਕੌਮ ਲਈ ਨਾ ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਅਤੇ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਹੋਰ ਕਿਸੇ ਨਾਲ ਵੀ ਅਜਿਹਾ ਕਰਨ ਬਾਰੇ ਨਾ ਸੋਚੇ। ਉਨ੍ਹਾਂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਦੀ ਹਮਾਇਤ ਕੀਤੀ ਹੈ।