ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਜਾਰੀ ਕਾਰਵਾਈ ਦੇ ਹਿੱਸੇ ਵਜੋਂ ਅੰਮ੍ਰਿਤਸਰ ਵਿੱਚ ਵੱਖ-ਵੱਖ ਪੁਲੀਸ ਮੁਕਾਬਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਜ਼ਖਮੀ ਕਰ ਦਿੱਤਾ ਗਿਆ। ਅੰਮ੍ਰਿਤਸਰ ਪੁਲੀਸ ਨੇ ਐਤਵਾਰ ਰਾਤ ਪਾਮ ਗਾਰਡਨ ਕਲੋਨੀ ਲਿੰਕ ਰੋਡ ਖੇਤਰ ਵਿੱਚ ਗੋਲੀਬਾਰੀ ਤੋਂ ਬਾਅਦ ਇੱਕ ਨਸ਼ਾ ਤਸਕਰ ਸਾਹਿਲ ਉਰਫ ਨੀਲਾ ਨੂੰ ਕਾਬੂ ਕੀਤਾ। ਇਸ ਦੌਰਾਨ ਪੁਲੀਸ ਦੀ ਜਵਾਬੀ ਗੋਲੀਬਾਰੀ ਤੋਂ ਬਾਅਦ ਫੈਜ਼ਪੁਰਾ ਦੇ ਰਹਿਣ ਵਾਲੇ ਸਾਹਿਲ ਦੀ ਲੱਤ ’ਤੇ ਗੋਲੀ ਲੱਗੀ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਹਿਲ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਤਿੰਨ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁਕਾਬਲੇ ਦੌਰਾਨ ਪੁਲੀਸ ਨੇ ਇੱਕ .32 ਕੈਲੀਬਰ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਸਾਹਿਲ ਨੇ ਭੱਜਣ ਦੀ ਕੋਸ਼ਿਸ਼ ਵਿੱਚ ਕੀਤੀ ਸੀ।
ਇੱਕ ਹੋਰ ਮੁਕਾਬਲੇ ਵਿੱਚ ਪੁਲੀਸ ਨੇ ਇੱਕ ਨਸ਼ਾ ਤਸਕਰ ਜਗਤਾਰ ਸਿੰਘ ਨੂੰ ਵੱਡੀ ਮਾਤਰਾ ਵਿੱਚ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਸਮੇਤ ਗ੍ਰਿਫਤਾਰ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਹੋਰ ਬਰਾਮਦਗੀ ਲਈ ਥਾਣਾ ਘਰਿੰਡਾ ਅਧੀਨ ਆਉਂਦੇ ਟਿਕਾਣੇ ’ਤੇ ਲਿਜਾਇਆ ਜਾ ਰਿਹਾ ਸੀ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਨਾ ਰੁਕਣ ’ਤੇ ਅਧਿਕਾਰੀਆਂ ਨੂੰ ਗੋਲੀ ਚਲਾਉਣੀ ਪਈ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੋਲੀ ਜਗਤਾਰ ਦੀ ਲੱਤ ਵਿੱਚ ਲੱਗੀ ਅਤੇ ਬਾਅਦ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਟੀਮਾਂ ਵੱਲੋਂ ਵਾਧੂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।