Punjab Police raid farmer leaders’ homes ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲੀਸ ਨੇ ਅੱਜ ਤੜਕੇ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲੀਸ ਨੇ ਕਈ ਸੂਬਾਈ ਅਤੇ ਜ਼ਿਲ੍ਹਾ ਪੱਧਰ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਦੋਂ ਕਿ ਕਈਆਂ ਦੇ ਘਰਾਂ ਦੇ ਆਲੇ ਦੁਆਲੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਤੜਕੇ ਡੇਢ ਵਜੇ ਦੇ ਕਰੀਬ ਉਨ੍ਹਾਂ ਦੀ ਸਮਰਾਲਾ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਗਿਆ ਹੈ।
ਚੇਤੇ ਰਹੇ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ।
ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ’ਤੇ ਮੀਟਿੰਗ ਅੱਧ ਵਿਚਾਲੇ ਛੱਡ ਕੇ ਜਾਣ ਦੇ ਦੋਸ਼ ਲਾਏ ਸਨ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ‘‘ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਨ੍ਹਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ’ਤੇ ਵੀ ਬਹੁਤ ਅਸਰ ਪੈਂਦਾ ਹੈ, ਇਸ ਦਾ ਵੀ ਆਪਾਂ ਖਿਆਲ ਕਰੀਏ।’’