ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਆਪਣੀਆਂ ਮੰਗਾਂ ਲਈ 5 ਮਾਰਚ ਤੋਂ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕਿਸਾਨ ਆਗੂਆਂ ਦਰਮਿਆਨ ਇੱਥੇ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੀ ਸ਼ੁਰੂਆਤ ਸੁਖਾਵੇਂ ਮਾਹੌਲ ਵਿੱਚ ਹੋਈ, ਪਰ ਦੋ ਘੰਟਿਆਂ ਮਗਰੋਂ ਮੁੱਖ ਮੰਤਰੀ ਤੇ ਕਿਸਾਨ ਆਗੂਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਲਖ਼ੀ ਪੈਦਾ ਹੋਣ ਕਰਕੇ ਗੱਲਬਾਤ ਵਿਚਾਲੇ ਹੀ ਟੁੱਟ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਧਰਨੇ ਲਾ ਕੇ ਲੋਕਾਂ ਨੂੰ ਖੱਜਲ-ਖੁਆਰ ਕਰਨ ਦੀ ਥਾਂ ਬੈਠ ਕੇ ਹਰ ਮਸਲੇ ਦਾ ਹੱਲ ਲੱਭਣ ਦੀ ਅਪੀਲ ਕੀਤੀ। ਇਸ ਮਗਰੋਂ ਮੁੱਖ ਮੰਤਰੀ ਮਾਨ ਮੀਟਿੰਗ ਛੱਡ ਕੇ ਚਲੇ ਗਏ।
ਅੱਜ ਦੀ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਅੱਗੇ 18 ਮੰਗਾਂ ਰੱਖੀਆਂ ਅਤੇ ਇੱਕ-ਇੱਕ ਨੁਕਤੇ ’ਤੇ ਚਰਚਾ ਕੀਤੀ ਗਈ। ਹਾਲੇ 8-9 ਮੰਗਾਂ ’ਤੇ ਹੀ ਗੱਲਬਾਤ ਹੋਈ ਸੀ ਕਿ ਮੁੱਖ ਮੰਤਰੀ ਨੇ ਆਪਣੀ ਅੱਖ ਵਿੱਚ ਇਨਫੈਕਸ਼ਨ ਕਰਕੇ ਬੈਠਣ ਵਿੱਚ ਅਸਮਰੱਥਾ ਜਤਾਉਂਦਿਆਂ ਬਾਕੀ ਮੰਗਾਂ ਬਾਰੇ ਕੈਬਨਿਟ ਮੰਤਰੀਆਂ ਨਾਲ ਚਰਚਾ ਕਰਨ ਦੀ ਅਪੀਲ ਕੀਤੀ। ਕੁਝ ਕਿਸਾਨ ਆਗੂਆਂ ਵੱਲੋਂ ਇਸ ’ਤੇ ਅਸਹਿਮਤੀ ਜਤਾਏ ਜਾਣ ਮਗਰੋਂ ਮਾਹੌਲ ਤਲਖ਼ੀ ਵਾਲਾ ਬਣ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਧਰਨਾ ਨਾ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਾ ਦੇਣ ਕਾਰਨ ਲੋਕ ਖੱਜਲ-ਖੁਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਪਰ ਧਰਨਿਆਂ ਦਾ ਸੇਕ ਪੰਜਾਬ ਨੂੰ ਝੱਲਣਾ ਪੈਂਦਾ ਹੈ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਮੀਟਿੰਗ ਅੱਧ ਵਿਚਕਾਰ ਛੱਡ ਕੇ ਜਾਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ 18 ਮੰਗਾਂ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕਰਨੀ ਸੀ ਪਰ ਉਹ 8-9 ਮੰਗਾਂ ਸੁਣ ਕੇ ਹੀ ਚਲੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਕ ਮੰਗ ’ਤੇ ਸਹਿਮਤੀ ਜਤਾਈ ਸੀ, ਪਰ ਬਾਅਦ ਵਿੱਚ ਕਿਹਾ ਕਿ ਜੇ ਤੁਸੀਂ 5 ਮਾਰਚ ਨੂੰ ਧਰਨਾ ਦੇਣਾ ਹੈ ਤਾਂ ਉਹ ਵੀ ਛੱਡੀ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਐੱਸਕੇਐੱਮ ਆਗੂਆਂ ਨੇ ਆਪਣੇ 5 ਮਾਰਚ ਨੂੰ ਮਿੱਥੇ ਮੁਤਾਬਕ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ ਸੀ ਅਤੇ ਉਨ੍ਹਾਂ ਨੂੰ ਅਜਿਹੇ ਉੱਚੇ ਅਹੁਦੇ ’ਤੇ ਬੈਠ ਕੇ ਇਸ ਤਰ੍ਹਾਂ ਗੱਲਬਾਤ ਨਹੀਂ ਕਰਨੀ ਚਾਹੀਦੀ। ਐੱਸਕੇਐੱਮ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ 5 ਮਾਰਚ ਨੂੰ ਪੂਰੀ ਤਾਕਤ ਦੇ ਨਾਲ ਰਾਜਧਾਨੀ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਵੇਗਾ।