ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਅਫਸਰਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਐਕਸ਼ਨ ਲੈਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਹੈ ਕਿ ਉਹ ਝੁਕਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਉਹ ਤਹਿਸੀਲਾਂ ’ਚ ਬਦਲਵੇ ਪ੍ਰਬੰਧ ਕਰ ਰਹੇ ਹਨ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦਾ ਐਕਸ਼ਨ ਜਾਰੀ ਰਹੇਗਾ। ਕਿਸਾਨਾਂ ਤੋਂ ਬਾਅਦ ਹੁਣ ਸਰਕਾਰ ਮਾਲ ਵਿਭਾਗ ਨਾਲ ਵੀ ਦੋ ਦੋ ਹੱਥ ਕਰਨ ਦੀ ਤਿਆਰੀ ਵਿਚ ਜਾਪਦੀ ਹੈ। ਬਦਲਵੇਂ ਪ੍ਰਬੰਧਾਂ ਵਜੋਂ ਤਹਿਸੀਲਾਂ ਦੇ ਐੱਸਡੀਐੱਮਜ਼ ਨੂੰ ਰੈਵੇਨਿਊ ਰਜਿਸਟਰੇਸ਼ਨ ਦਾ ਕੰਮ ਦੇਖਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਹਨ, ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ…ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ…ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ …ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ, ਇਹ ਲੋਕ ਫੈਸਲਾ ਕਰਨਗੇੇ।’’