Punjab News – SAD Membership Drive: ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ

ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਨਵੀਂ ਮੈਂਬਰਸ਼ਿਪ ਦੀ ਭਰਤੀ ਕਰਨ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਭਰਤੀ ਦੀ ਮਾਨਤਾ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਨੇ ਅੱਜ ਇੱਥੇ ਸ੍ਰੀ ਅਕਾਲ ਤਖਤ ਦੇ ਸਨਮੁੱਖ ਇਸ ਸਬੰਧ ਵਿੱਚ ਅਰਦਾਸ ਕੀਤੀ ਹੈ। ਅਰਦਾਸ ਦੌਰਾਨ ਉਨ੍ਹਾਂ ਨੇ ਭਰਤੀ ਮੁਹਿੰਮ ਦੀ ਸਫਲਤਾ ਵਾਸਤੇ ਗੁਰੂ ਚਰਨਾਂ ਵਿੱਚ ਜੋਦੜੀ ਕੀਤੀ। ਅਰਦਾਸ ਕਰਨ ਵਾਲੇ ਪੰਜ ਮੈਂਬਰਾਂ ਵਿੱਚ ਗੁਰ ਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਇਕਬਾਲ ਸਿੰਘ ਝੂੰਦਾ ਸ਼ਾਮਿਲ ਸਨ।

ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਇਸ ਕਮੇਟੀ ਦੇ ਮੈਂਬਰਾਂ ਵਜੋਂ ਅਸਤੀਫਾ ਦੇ ਚੁੱਕੇ ਹਨ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਇਸ ਸੱਤ ਮੈਂਬਰੀ ਨਿਗਰਾਨ ਕਮੇਟੀ ਦਾ ਐਲਾਨ ਕੀਤਾ ਗਿਆ ਸੀ।
ਇਸ ਸਬੰਧ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਮੈਂਬਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਅੱਜ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਕਰਨ ਸਬੰਧੀ ਅਰਦਾਸ ਕੀਤੀ ਗਈ ਹੈ ਅਤੇ 18 ਮਾਰਚ ਨੂੰ ਸ੍ਰੀ ਅਕਾਲ ਤਖਤ ਤੋਂ ਇਹ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਤੇ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ 18 ਮਾਰਚ ਨੂੰ ਸ਼ੁਰੂ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਇਸ ਭਰਤੀ ਮੁਹਿੰਮ ਦਾ ਮੰਤਵ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕਰਨਾ ਹੈ।

ਮੌਜੂਦਾ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਕਮਜ਼ੋਰ ਹੋ ਕੇ ਨਿਘਾਰ ਵੱਲ ਜਾ ਚੁੱਕਾ ਹੈ, ਜਿਸ ਕਾਰਨ ਸ੍ਰੀ ਅਕਾਲ ਤਖਤ ਵੱਲੋਂ ਸਿੱਖਾਂ ਦੀ ਇਸ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਜਥੇਬੰਦੀ ਵਜੋਂ ਉਭਾਰਨ ਲਈ ਇਸ ਦੀ ਨਵੀਂ ਭਰਤੀ ਰਾਹੀ ਨਵੀਂ ਲੀਡਰਸ਼ਿਪ ਨੂੰ ਅੱਗੇ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਸਿੱਖ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਅੱਗੇ ਆਉਣ ਤਾਂ ਜੋ ਇੱਕ ਨਵੀਂ ਲੀਡਰਸ਼ਿਪ ਨੂੰ ਉਭਾਰਿਆ ਜਾ ਸਕੇ।

ਵਡਾਲਾ ਨੇ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਕੀਤੀ ਅਪੀਲ
ਸ੍ਰੀ ਵਡਾਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫੇ ਸਬੰਧੀ ਫੈਸਲੇ ਨੂੰ ਤਿਆਗ ਕੇ ਅੱਗੇ ਆਉਣ ਅਤੇ ਇਸ ਨਿਗਰਾਨ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵੀ ਵਾਪਸ ਲੈਣ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ’ਤੇ ਲੱਗਾ ਸਵਾਲੀਆ ਨਿਸ਼ਾਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਚੁੱਕੀ ਭਰਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਕਮੇਟੀ ਵੱਲੋਂ ਹੁਣ ਤੱਕ ਭਰਤੀ ਨਹੀਂ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਿਕ ਇਸ ਕਮੇਟੀ ਵੱਲੋਂ ਨਵੀਂ ਭਰਤੀ 18 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਵਾਬ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਚੁੱਕੀ ਭਰਤੀ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਦਾ ਅਧਿਕਾਰ ਖੇਤਰ ਅਸੀਮਤ: ਵਡਾਲਾ
ਸ੍ਰੀ ਅਕਾਲ ਤਖਤ ਦੇ ਅਧਿਕਾਰ ਖੇਤਰ ਨੂੰ ਸੀਮਤ ਕਰਨ ਵਾਲੇ ਬਿਆਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਤੋਂ ਵੀ ਪਹਿਲਾਂ ਹੋਈ ਸੀ। ਇਸ ਤਖਤ ਦੀ ਸਥਾਪਨਾ ਗੁਰੂ ਸਾਹਿਬ ਨੇ ਖੁਦ ਕੀਤੀ ਸੀ। ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ’ਤੇ ਸਮੁੱਚੀ ਸਿੱਖ ਕੌਮ ਨੇ ਕਈ ਮੋਰਚੇ ਲਾਏ ਹਨ ਅਤੇ ਕਈ ਜੰਗਾਂ ਵੀ ਲੜੀਆਂ ਹਨ। ਇਸ ਦੇ ਫੈਸਲੇ ਸਮੁੱਚੇ ਸਿੱਖ ਜਗਤ ’ਤੇ ਲਾਗੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਤਾਂ ਸੀਮਤ ਹੋ ਸਕਦਾ ਹੈ ਪਰ ਸ੍ਰੀ ਅਕਾਲ ਤਖਤ ਦਾ ਅਧਿਕਾਰ ਖੇਤਰ ਅਸੀਮਤ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਹੀ ਹਨ ਪਰ ਇਹ ਉਨ੍ਹਾਂ ਵਾਸਤੇ ਨਮੋਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਵੰਗਾਰਨ ਵਾਲੇ ਬਿਆਨਾਂ ਨਾਲ ਕੋਈ ਵੀ ਸਹਿਮਤ ਨਹੀਂ ਹੋ ਸਕਦਾ ਅਤੇ ਨਾ ਹੀ ਇਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *