ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮਾਲ ਅਧਿਕਾਰੀਆਂ ਨੂੰ ਕੰਮ ‘ਤੇ ਵਾਪਸ ਆਉਣ ਦੇ ਹੁਕਮ ਦਿੱਤੇ ਹਨ। CM ਦੀ ਇਸ ਸਖਤੀ ਦਾ ਅਸਰ ਕਬੂਲਦੇ ਹੋਏ ਮੋਗਾ ਦਾ ਤਹਿਸੀਲਦਾਰ ਲਖਵਿੰਦਰ ਸਿੰਘ ਹੜਤਾਲ ਛੱਡ ਕੇ ਡਿਊਟੀ ‘ਤੇ ਪਰਤ ਆਇਆ ਹੈ ।
ਦੱਸ ਦੇਈਏ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਉਹ ਅੱਜ ਸ਼ਾਮ 5 ਵਜੇ ਤੱਕ ਹੜਤਾਲ ਖਤਮ ਕਰਕੇ ਡਿਊਟੀ ‘ਤੇ ਨਹੀਂ ਜਾਂਦੇ , ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਪੰਜ ਵਜੇ ਤੱਕ ਡਿਊਟੀ ‘ਤੇ ਹਾਜ਼ਰ ਹੋਣ ਲਈ ਕਿਹਾ ਹੈ। ਸਾਰੇ ਅਧਿਕਾਰੀਆਂ ਦੇ ਹੜਤਾਲ ‘ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਅੱਜ ਦੁਪਹਿਰ ਖਰੜ ਤਹਿਸੀਲ ਦਾ ਦੌਰਾ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿੱਥੇ ਵੀ
ਮਾਲ ਅਧਿਕਾਰੀ ਹੜਤਾਲ ‘ਤੇ ਹਨ, ਉਨ੍ਹਾਂ ਦੀ ਗੈਰਹਾਜ਼ਰੀ ਵਿੱਚ, ਕਾਨੂੰਨਗੋ ਤੋਂ ਲੈ ਕੇ ਐਸਡੀਐਮ ਅਤੇ ਹੋਰ ਸੀਨੀਅਰ ਸਹਾਇਕਾਂ, ਜਿਨ੍ਹਾਂ ਨੇ ਵਿਭਾਗੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ, ਨੂੰ ਜ਼ਮੀਨਾਂ ਦੀ ਰਜਿਸਟਰੀ ਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਹੁਕਮਾਂ ਤੋਂ ਬਾਅਦ, ਸਾਰੇ ਡਿਪਟੀ ਕਮਿਸ਼ਨਰਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹੁਕਮ ਜਾਰੀ ਕਰ ਦਿੱਤੇ ਹਨ ਕਿ ਕਿਸ ਅਧਿਕਾਰੀ ਨੂੰ ਕਿਸ ਜਗ੍ਹਾ ‘ਤੇ ਰਜਿਸਟ੍ਰੇਸ਼ਨ ਕਰਨ ਦਾ ਅਧਿਕਾਰ ਹੋਵੇਗਾ।