ਲੁਧਿਆਣਾ, ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਲਗਾਏ ਜਾ ਰਹੇ ਕਿਸਾਨ ਧਰਨਿਆਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫ਼ੈਸਲਾ ਕਰਦਿਆਂ 10 ਮਾਰਚ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ।
ਅੱਜ ਇੱਥੇ ਕੁਲਦੀਪ ਸਿੰਘ ਗਰੇਵਾਲ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਵੀਰ ਸਿੰਘ ਬੜਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤੇ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਿੱਥੇ ਕਿਸਾਨ ਮਸਲਿਆਂ ਲਈ ਕੇਂਦਰ ਸਰਕਾਰ ਨਾਲ ਲੜਾਈ ਲੜੀ ਜਾ ਰਹੀ ਹੈ ਉੱਥੇ ਹੁਣ ਪੰਜਾਬ ਸਰਕਾਰ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨ ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਕੋਈ ਵੀ ਫ਼ੈਸਲਾ ਨਾ ਹੋਣ ਕਾਰਨ ਜਥੇਬੰਦੀਆਂ ਨੇ ਜ਼ੋਰਦਾਰ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ 10 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਬਾਹਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਧਰਨੇ ਦਿੱਤੇ ਜਾਣਗੇ। ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹਿਸ ਕਰਨ ਦਾ ਮੁੜ ਸੱਦਾ ਦਿੱਤਾ ਗਿਆ ਹੈ ਜਿਸ ਤਹਿਤ ਕਿਸਾਨਾਂ ਦਾ ਪੰਜ ਮੈਂਬਰੀ ਵਫ਼ਦ 15 ਮਾਰਚ ਨੂੰ ਮੁੱਖ ਮੰਤਰੀ ਦੇ ਗ੍ਰਹਿ ਵਿਖੇ ਜਾ ਕੇ ਕਿਸਾਨ ਮਸਲਿਆਂ ਸਬੰਧੀ ਮੁੱਖ ਮੰਤਰੀ ਨਾਲ ਬਹਿਸ ਕਰੇਗਾ।
ਅੱਜ ਦੀ ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ, ਜਗਵੀਰ ਸਿੰਘ ਚੌਹਾਨ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਰਾਜੂ ਔਲਕ, ਬਿੰਦਰ ਸਿੰਘ ਗੋਲੇਵਾਲਾ, ਗੁਰਜੰਟ ਸਿੰਘ ਮਾਨਸਾ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਮੱਲੀ ਨੰਗਲ, ਕਿਰਨਜੀਤ ਸਿੰਘ ਸੇਖੋਂ, ਮੇਜਰ ਸਿੰਘ ਸਾਦੀਪੁਰ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਡਾਲੇਕੇ, ਅਵਤਾਰ ਸਿੰਘ ਅਤੇ ਹੋਰ ਕਿਸਾਨ ਆਗੂ ਸ਼ਾਮਿਲ ਹੋਏ।