ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਦੀ ਪ੍ਰਧਾਨਗੀ ਕੀਤੀ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਇਆ। ਬਜਟ ਇਜਲਾਸ 28 ਮਾਰਚ ਨੂੰ ਸੱਦਣ ‘ਤੇ ਸਹਿਮਤੀ ਬਣੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ‘ਤੇ ਚਰਚਾ ਹੋਈ ਪਰ ਉਸ ਨੂੰ ਪੈਂਡਿੰਗ ਰੱਖ ਲਿਆ ਗਿਆ।
ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ।
ਇਥੇ ਇਹ ਵੀ ਦੱਸਣਯੋਗ ਹੈ ਕਿ ਭਾਵੇਂ ਐਡਵੋਕੇਟ ਧਾਮੀ ਅਸਤੀਫੇ ਸਬੰਧੀ ਆਪਣੇ ਫੈਸਲੇ ‘ਤੇ ਸਥਿਰ ਹਨ ਅਤੇ ਫੈਸਲਾ ਬਦਲਣ ਨੂੰ ਤਿਆਰ ਨਹੀਂ ਹਨ। ਪਰ ਇਸ ਇਕੱਤਰਤਾ ਵਿਚ ਧਾਮੀ ਦਾ ਅਸਤੀਫਾ ਅਪ੍ਰਵਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬਜਟ ਸਬ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਲਾਨਾ ਬਜਟ 2025-26 ਤਿਆਰ ਕਰਕੇ ਸੌਂਪਿਆ ਜਾਵੇਗਾ, ਜਿਸ ਨੂੰ ਪਾਸ ਕਰਨ ਲਈ ਬਜਟ ਇਜਲਾਸ ਸੱਦਣ ਲਈ ਤਰੀਕ ਦਾ ਐਲਾਨ ਵੀ ਕੀਤਾ ਗਿਆ।
ਸਲਾਨਾ ਬਜਟ ਇਜਲਾਸ 2025-26 ਮਾਰਚ ਦੀ 28 ਤਰੀਕ ਨੂੰ ਸੱਦਿਆ ਜਾ ਰਿਹਾ ਹੈ। ਚਾਲੂ ਸਾਲ 2024-25 ਦਾ ਸਲਾਨਾ ਬਜਟ 1260.97 ਕਰੋੜ 29 ਮਾਰਚ 2024 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ ਸੀ। ਇਸ ਸਾਲ ਸਲਾਨਾ ਬਜਟ 2025-26 ਤਕਰੀਬਨ 1400 ਕਰੋੜ ਪੇਸ਼ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇੇ ਪ੍ਰਬੰਧ ਅਧੀਨ ਤਿੰਨਾਂ ਤਖਤ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਬਾਰੇ ਵੀ ਫੈਸਲਾ ਅੰਤ੍ਰਿੰਗ ਕਮੇਟੀ ਵਿਚ ਮਾਮਲਾ ਵਿਚਾਰਿਆ ਗਿਆ। ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ।
ਗਿਆਨੀ ਕੁਲਦੀਪ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਲ ਲਗਾਇਆ। ਇਸ ਦੇ ਨਾਲ ਹੀ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਕਾਰਜਕਾਰੀ ਤੌਰ ‘ਤੇ ਸੇਵਾਵਾਂ ਨਿਭਾਉਣਗੇ । ਜਲਦ ਹੀ ਸਿੱਖ ਜਥੇਬੰਦੀਆਂ ਦੇ ਨਾਲ ਰਾਏ ਕਰਕੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਨਵਾਂ ਜਥੇਦਾਰ ਥਾਪਿਆ ਜਾਵੇਗਾ।
ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣਗੇ ਅਤੇ ਉਹਨਾਂ ਕੋਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।
ਇਸੇ ਤਰ੍ਹਾਂ ਗਿਆਨੀ ਸੁਲਤਾਨ ਸਿੰਘ ਪਾਸ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਗ੍ਰੰਥੀ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਨ ਗਿਆਨੀ ਸੁਲਤਾਨ ਸਿੰਘ ਪਾਸੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ ਜਿਸ ਨੂੰ ਗਿਆਨੀ ਕੁਲਦੀਪ ਸਿੰਘ ਨਿਭਾਉਣਗੇ |