ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ : ਕੈਬਨਿਟ ਮੰਤਰੀ ਸੌਂਦ

ਮਾਲੇਰਕੋਟਲਾ -‘‘ਆਮ ਆਦਮੀ ਪਾਰਟੀ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ’ਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ’ਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ’ਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗੀ। ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸ਼ਹਿਰੀ ਖੇਤਰਾਂ ’ਚ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸੀ. ਐੱਸ. ਆਰ. ਫੰਡਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਤੋਂ ਹੁਣ ਤੱਕ ਮੈਡੀਕਲ ਸਟੋਰਾਂ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਅਤੇ ਕਿਹਾ ਕਿ ਕਾਲੀਆਂ ਭੇਡਾਂ ਦੀ ਪਛਾਣ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ।
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹਾ ਮਾਲੇਰਕੋਟਲਾ ’ਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਜ਼ਿਲੇ ’ਚ ਸਫਲ ਕੀਤਾ ਜਾਵੇਗਾ। ਜ਼ਿਲ੍ਹਾ ਪੁਲਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਨੇ ਪਿਛਲੇ ਦਿਨਾਂ ਦੌਰਾਨ 18 ਮਾਮਲਿਆਂ ਨਾਲ ਸਬੰਧਤ ਕਥਿਤ ਦੋਸ਼ੀਆਂ ਦੀ 13.3 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਜਾਫਰ ਅਲੀ, ਬਲਾਕ ਪ੍ਰਧਾਨ ਅਬਦੁਲ ਹਲੀਮ ਐੱਮ.ਡੀ. ਮਿਲਕੋਵੈਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਸੁਖਪ੍ਰੀਤ ਸਿੰਘ ਸਿੱਧੂ ਤੇ ਨਵਦੀਪ ਕੌਰ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *