ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੋਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕੇ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਨਾ ਕਾਮਯਾਬ ਰਿਹਾ ਹੈ ਅਤੇ ਆਪਣੇ ਰਾਜਸੀ ਹਿੱਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਆਸੀ ਲੋਕਾਂ ਨੂੰ ਖੁਸ਼ ਕਰਨ ਦੀ ਥਾਂ ਪੰਥ ਦੀ ਗੱਲ ਕੀਤੀ ਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਗੋਗੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਰੋਸ ਵਜੋਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਬਣਾਈ ਗਈ ਕਮੇਟੀ ਹੇਠ ਉਹ ਨਵੇਂ ਮੈਂਬਰਾਂ ਦੀ ਭਰਤੀ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਪਾਬੰਦ ਹੈ ਤੇ ਉਹ ਕਦੀ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੇ ਵਿਰੁੱਧ ਨਹੀਂ ਜਾ ਸਕਦੇ।
SGPC News: ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵੱਲੋਂ ਅਸਤੀਫਾ
