ਸ੍ਰੀ ਆਨੰਦਪੁਰ ਸਾਹਿਬ, ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਅੱਜ ਇਥੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਤੇ ਗਿਆਨ ਹਰਪ੍ਰੀਤ ਸਿੰਘ ਨੂੰ ਕ੍ਰਮਵਾਰ ਸ੍ਰੀ ਅਕਾਲ ਤਖ਼ਤ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰਾਂ ਵਜੋਂ ਅਹੁਦੇ ਤੋਂ ਫਾਰਗ ਕੀਤਾ ਗਿਆ ਕਿਉਂਕਿ ਇਹ ਦੋਵੇਂ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਸ਼ਹੀਦਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਲਈ ਕੇਂਦਰ ਲਗਾਤਾਰ ਕੰਮ ਕਰ ਰਿਹਾ ਹੈ।
ਲੰਗਾਹ ਇਥੇ ਹੋਰਨਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਕੀਤੀ ਪ੍ਰੈਸ ਕਾਨਫਰੰਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਿਲਜੀਤ ਸਿੰਘ ਭਿੰਡਰ, ਸ਼ੇਰ ਸਿੰਘ ਮੰਡ ਜਨਰਲ ਸੈਕਟਰੀ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਤੁਗਲਬਾਦ ਵੀ ਮੌਜੂਦ ਸਨ।
ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਮੌਜੂਦਾ ਹਾਲਾਤ ਅਤੇ ਹੋਲਾ ਮਹੱਲਾ ਦੇ ਪ੍ਰਬੰਧਾਂ ਨੂੰ ਦੇਖਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਥੇਦਾਰ ਦੀ ਸੇਵਾ ਸੰਭਾਲ ਲਈ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਖੂਨ ਖ਼ਰਾਬੇ ਦਾ ਮਾਹੌਲ ਸਿਰਜਣ ਲਈ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਜ਼ਿਸ਼ਾਂ ਦਾ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਡੱਟ ਕੇ ਮੁਕਾਬਲਾ ਕਰ ਸਕਦਾ ਹੈ।
ਲੰਗਾਹ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਨਾਲ ਇਸ ਗੱਲ ਦੀ ਨਾਰਾਜ਼ਗੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਬਣਾਉਣ ਲਈ ਪਾਏ ਗਏ ਯੋਗਦਾਨ ਨੂੰ ਭਾਜਪਾ ਦੀ ਮੌਜੂਦਾ ਲੀਡਰਸ਼ਿਪ ਨੇ ਅੱਖੋਂ ਪਰੋਖੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਮਰਨ ਉਪਰੰਤ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣਾ, ਅਕਾਲੀ ਦਲ ਦੀ ਲੀਡਰਸ਼ਿਪ ਨੂੰ ਜਾਣ ਬੁਝ ਕੇ ਜ਼ਲੀਲ ਕਰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨਾਲ ਮਾੜਾ ਵਤੀਰਾ ਕਰਨਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਿੱਧੇ ਤੌਰ ’ਤੇ ਭਾਜਪਾ ਦਾ ਕਾਬਜ਼ ਹੋਣਾ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੇ ਕਰਨਾ ਅਤੇ ਹਜ਼ੂਰ ਸਾਹਿਬ ਟਰਸਟ ਵਿੱਚ ਸਿਆਸੀ ਦਖਲਅੰਦਾਜ਼ੀ ਪੰਜਾਬ ਅੰਦਰੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਇੱਕ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।
ਲੰਗਾਹ ਨੇ ਮੰਗ ਕੀਤੀ ਕਿ ਮੀਡੀਆ ਪੰਜਾਬ ਦੇ ਵਡੇਰੇ ਹਿਤਾਂ ਲਈ ਉਨ੍ਹਾਂ ਦਾ ਸਾਥ ਦੇਵੇ। ਨਿਹੰਗ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤੇ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਲੰਗਾਹ ਨੇ ਕਿਹਾ ਕਿ ਹੋਲਾ ਮਹੱਲਾ ਦੇ ਕੌਮੀ ਤਿਓਹਾਰ ਮੌਕੇ ਉਹ ਕਿਸੇ ਬਾਰੇ ਕੋਈ ਬੁਰਾ ਸ਼ਬਦ ਨਹੀਂ ਕਹਿਣਾ ਚਾਹੁੰਦੇ।