ਚੰਡੀਗੜ੍ਹ, ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਜ਼ੀਰਾਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਮੁਜ਼ਾਹਰੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਮੁੱਖ ਮੰਤਰੀ ਵੱਲੋਂ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਸਹੀ ਵਤੀਰਾ ਨਾ ਅਪਣਾਉਣ ਦਾ ਵਿਰੋਧ ਕੀਤਾ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੰਜਾਬ ਸਰਕਾਰ ਨਾਲ ਸਬੰਧਤ ਨਹੀਂ ਹਨ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਚੁੱਕੇ ਗਏ ਸਾਰੇ ਮੁੱਦੇ ਪੰਜਾਬ ਸਰਕਾਰ ਨਾਲ ਹੀ ਸਬੰਧਤ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ 2023 ਵਿੱਚ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਵੀ ਅਜੇ ਤੱਕ ਪੂਰਾ ਨਹੀਂ ਕੀਤਾ।