ਮਲੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ’ਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰੱਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ।
ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ’ਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐਸਪੀ (ਐਚ), ਐਸਡੀਐਮ ਬਲਜੀਤ ਕੌਰ, ਇਕਬਾਲ ਸਿੰਘ ਡੀਐਸਪੀ ਮਲੋਟ, ਐਸਆਈ ਦਰਸ਼ਨ ਸਿੰਘ ਐਸਐਚਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ ਐਸਐਚਓ ਕਬਰਵਾਲਾ ਵੀ ਹਾਜਰ ਸਨ।