Amritsar News: ਸਕੱਤਰੇਤ ਵਿਖੇ ਸਾਬਕਾ ਜਥੇਦਾਰ ਦੇ ਨਿੱਜੀ ਸਹਾਇਕ ਸਮੇਤ ਇਕ ਹੋਰ ਅਧਿਕਾਰੀ ਦੇ ਕੀਤੇ ਤਬਾਦਲੇ

ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੀਤੀ 7 ਮਾਰਚ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ । ਭਾਵੇਂ ਇਸ ਸੇਵਾ ਸੰਭਾਲ ਅਤੇ ਨਿਯੁਕਤੀ ਨੂੰ ਲੈ ਕੇ ਕੁਝ ਵਿਵਾਦ ਵੀ ਛਿੜਿਆ ਹੈ, ਪਰ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਕੰਮ ਚਲਾਉਣ ਲਈ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਜਸਪਾਲ ਸਿੰਘ ਜੋ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੇ ਨਾਲ ਸਕੱਤਰੇਤ ਵਿਖੇ ਨਿੱਜੀ ਸਹਾਇਕ ਵੱਜੋਂ ਚੱਲ ਰਹੇ ਸਨ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਨਾਂ ਦੀਆਂ ਤੁਰੰਤ ਪ੍ਰਭਾਵ ਨਾਲ ਮੰਗਲਵਾਰ ਨੂੰ ਬਦਲੀਆਂ ਕਰ ਦਿੱਤੀਆਂ ਗਈਆਂ ਹਨ l

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਆਡਰ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਜਸਪਾਲ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ‘ਚ ਐਡੀਸ਼ਨਲ ਮੈਨੇਜਰ ਵਜੋਂ ਡਿਊਟੀ ਨਿਭਾਉਣਗੇ | ਜਦ ਕਿ ਗੁਰਵੇਲ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਕਾਊਂਟ ਬ੍ਰਾਂਚ ਵਿੱਚ ਤਾਇਨਾਤ ਕੀਤਾ ਗਿਆ ਹੈ। ਜਸਪਾਲ ਸਿੰਘ ਦੀ ਥਾਂ ਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ

Leave a Reply

Your email address will not be published. Required fields are marked *