ਹੋਲੇ ਮਹੱਲੇ ਦਾ ਪਹਿਲਾ ਪੜਾਅ ਸੰਪੂਰਨ

ਸ੍ਰੀ ਆਨੰਦਪੁਰ ਸਾਹਿਬ, ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ ਪਹਿਲੇ ਪੜਾਅ ਦੀ ਸੰਪੂਰਨਤਾ ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮਗਰੋਂ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸੰਗਤਾਂ ਨੂੰ ਹੋਲੇ-ਮਹੱਲੇ ਦੀਆਂ ਮੁਬਾਰਕਾਂ ਦਿੱਤੀਆਂ। ਹੋਲੇ-ਮਹੱਲੇ ਦਾ ਦੂਜਾ ਪੜਾਅ ਭਲਕੇ 13 ਮਾਰਚ ਨੂੰ ਤਖ਼ਤ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਵੇਗਾ। ਹੋਲੇ ਮੁਹੱਲੇ ਦੇ ਆਖਰੀ ਦਿਨ 15 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ, ਜੋ ਚਰਨ ਗੰਗਾ ਸਟੇਡੀਅਮ ਵਿੱਚ ਪੁੱਜ ਕੇ ਸਮਾਪਤ ਹੋਵੇਗਾ। ਹੋਲੇ ਮਹੱਲੇ ਦੇ ਦੂਜੇ ਪੜਾਅ ਦੀ ਆਰੰਭਤਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ‘ਵਿਰਸਾ ਸੰਭਾਲ ਗਤਕਾ ਮੁਕਾਬਲੇ’ ਆਰੰਭ ਹੋਣਗੇ। ਇਸੇ ਤਰ੍ਹਾਂ ਸਮੁੱਚੇ ਨਿਰਮਲ ਭੇਖ ਵੱਲੋਂ ਹੋਲੇ-ਮਹੱਲੇ ਦੇ ਪਹਿਲੇ ਦਿਨ ਭਲਕੇ ਬਾਬਾ ਪ੍ਰੀਤਮ ਸਿੰਘ ਡਮੇਲੀ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅਗੰਮਪੁਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਤਖਤ ਕੇਸਗੜ੍ਹ ਸਾਹਿਬ ਪੁੱਜ ਕੇ ਸੰਪੂਰਨ ਹੋਵੇਗਾ। ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੰਗਤਾਂ ਸ਼ਰਧਾ ਭਾਵਨਾ ਨਾਲ ਗੁਰੂ ਘਰਾਂ ਵਿੱਚ ਨਤਮਸਤਕ ਹੋਣ।

Leave a Reply

Your email address will not be published. Required fields are marked *