ਪਟਿਆਲਾ /ਪਾਤੜਾਂ, ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਬੁੱਧਵਾਰ (19 ਮਾਰਚ) ਨੂੰ ਚੰਡੀਗੜ੍ਹ ਵਿਚ ਹੋਵੇਗੀ। ਅਗਲੇ ਗੇੜ ਦੀ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਤਹਿਤ ਤੀਜੇ ਗੇੜ ਦੀ ਇਹ ਬੈਠਕ ਚੰਡੀਗੜ੍ਹ ਵਿਚ ਭਲਕੇ ਸਵੇਰੇ 11 ਵਜੇ ਹੋਵੇਗੀ। ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੁਨੇਹੇ ਵਿਚ ਕਿਹਾ ਕਿ ਕੇਂਦਰ ਸਰਕਾਰ ਨਾਲ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੈਕਟਰ 26 ਦੇ ਮਗਸਿਪਾ ਵਿਚ ਹੋਵੇਗੀ।
ਕੇਂਦਰ ਸਰਕਾਰ ਵੱਲੋਂ ਇਹ ਪੱਤਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਦੇ ਨਾਮ ਜਾਰੀ ਕੀਤਾ ਗਿਆ ਹੈ। ਯਾਦ ਰਹੇ ਕਿ ਇਸ ਸਬੰਧੀ ਪਹਿਲੀ ਮੀਟਿੰਗ 14 ਫਰਵਰੀ ਨੂੰ ਅਤੇ ਦੂਜੀ 22 ਫਰਵਰੀ ਨੂੰ ਹੋਈ ਸੀ ਜਦ ਕਿ ਹੁਣ ਤੀਜੀ ਮੀਟਿੰਗ 19 ਫਰਵਰੀ ਨੂੰ ਹੋਣ ਜਾ ਰਹੀ ਹੈ।
ਕਿਸਾਨਾਂ ਦਾ ਇਹ ਸੰਘਰਸ਼ ਪਿਛਲੇ ਸਾਲ 13 ਫਰਵਰੀ ਤੋਂ ਜਾਰੀ ਹੈ। ਇਸੇ ਕੜੀ ਵਜੋਂ ਹੀ ਢਾਬੀ ਗੁੱਜਰਾਂ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਨੂੰ ਸ਼ੁਰੂ ਕੀਤਾ ਗਿਆ ਮਰਨ ਵਰਤ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਦਾ ਪੱਤਰ ਮਿਲਣ ਦੀ ਇਹ ਜਾਣਕਾਰੀ ਢਾਬੀ ਗੁੱਜਰਾਂ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਨੇ ਦਿੱਤੀ।