ਅੰਮ੍ਰਿਤਸਰ: 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਦੇ ਪੰਜ ਮੈਂਬਰ ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾ ਤੇ ਬੀਬੀ ਸਤਵੰਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਜਥੇਦਾਰ ਵੱਲੋਂ ਭੇਜੇ ਗਏ ਸੱਦੇ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ ਅੱਗੇ ਪੰਥਕ ਏਕਤਾ ਅਤੇ ਆਪਸ ‘ਚ ਚੱਲ ਕੇ ਪੰਥ ਲਈ ਸੇਵਾਵਾਂ ਕਰਨ ਲਈ ਕਿਹਾ। ਜਦਕਿ ਭਰਤੀ ਮੁਹਿੰਮ ਦੀ ਅਰਦਾਸ ਕਰਨ ਉਪਰੰਤ ਹੀ ਪੰਜ ਮੈਂਬਰੀ ਕਮੇਟੀ ਨੂੰ ਜਥੇਦਾਰ ਨੇ ਚਾਹ ‘ਤੇ ਚਰਚਾ ਲਈ ਸੱਦਾ ਭੇਜਿਆ।
ਪੰਜ ਮੈਂਬਰੀ ਕਮੇਟੀ ਨੂੰ ਮਿਲਣ ਲਈ ਸੱਦਾ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਕਮੇਟੀ ਦੋ ਦਸੰਬਰ 2024 ਨੂੰ ਬਣਾਈ ਗਈ ਸੀ। ਉਸ ਦੇ ਮੈਂਬਰ ਵਜੋਂ ਆਪ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਹੋ। ਆਪ ਨੂੰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਚਾਹ ਦਾ ਸੱਦਾ ਦਿੱਤਾ ਜਾਂਦਾ ਹੈ ਜਿੱਥੇ ਸਿੰਘ ਸਾਹਿਬ ਆਪ ਨਾਲ ਚੱਲ ਰਹੇ ਮਸਲੇ ਸਬੰਧੀ ਗੱਲਬਾਤ ਕਰਨਗੇ। ਇਸ ਲਈ ਆਪ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਨੂੰ ਮਿਲ ਕੇ ਜਾਣ ਦੀ ਖੇਚਲ ਕਰਨੀ।