ਚੰਡੀਗੜ੍ਹ, ਦੋ ਕਿਸਾਨ ਯੂਨੀਅਨਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਨੁਮਾਇੰਦੇ ਅੱਜ ਚੰਡੀਗੜ੍ਹ ਵਿਚ ਕੇਂਦਰੀ ਵਫ਼ਦ ਨਾਲ ਤੀਜੇ ਗੇੜ ਦੀ ਗੱਲਬਾਤ ਕਰਨਗੇ। ਇਥੇ ਸੈਕਟਰ 26 ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸਿਪਾ) ਵਿਚ ਸਵੇਰੇ 11 ਵਜੇ ਹੋਣ ਵਾਲੀ ਬੈਠਕ ਲਈ ਕਿਸਾਨ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ।
ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਉਦਯੋਗ ਮੰਤਰੀ ਪਿਊਸ਼ ਗੋਇਲ ਅਤੇ ਖੁਰਾਕ ਅਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣਗੇ। ਮੀਟਿੰਗ ਦੇਰ ਸ਼ਾਮ ਤੱਕ ਜਾਰੀ ਰਹਿਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ 22 ਫਰਵਰੀ ਨੂੰ ਦੂਜੇ ਗੇੜ ਦੀ ਬੈਠਕ ਦੌਰਾਨ ਕਿਸਾਨਾਂ ਨੇ ਆਪਣੀ ਰਾਏ ਰੱਖੀ ਸੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਵਿੱਤੀ ਸਹਾਇਤਾ ਕਿਵੇਂ ਪ੍ਰਾਪਤ ਕਰ ਸਕਦਾ ਹੈ। ਕੇਂਦਰੀ ਟੀਮ ਨੇ ਹਾਲਾਂਕਿ ਉਦੋਂ ਅੰਕੜਿਆਂ ਨੂੰ ਲੈ ਕੇ ਆਪਣੇ ਸ਼ੰਕੇ ਪ੍ਰਗਟਾਏ ਸੀ, ਜਿਸ ਤੋਂ ਬਾਅਦ ਕਿਸਾਨ ਯੂਨੀਅਨਾਂ ਨੇ ਅੰਕੜਿਆਂ ਦੇ ਸਰੋਤਾਂ ਦੇ ਨਾਲ ਇੱਕ ਤਫ਼ਸੀਲੀ ਰਿਪੋਰਟ ਪੇਸ਼ ਕੀਤੀ ਸੀ। ਅੱਜ ਦੀ ਮੀਟਿੰਗ ਵਿੱਚ ਇਹ ਚਰਚਾ ਦਾ ਮੁੱਖ ਮੁੱਦਾ ਹੋਣ ਦੀ ਉਮੀਦ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਬੈਠਕ ਤੋਂ ਪਹਿਲਾਂ ਕਿਹਾ, ‘‘ਸਾਨੂੰ ਉਮੀਦ ਹੈ ਕਿ ਕੇਂਦਰੀ ਟੀਮ ਸਾਡੀਆਂ 12 ਮੰਗਾਂ ਪੂਰੀਆਂ ਕਰੇਗੀ, ਜਿਨ੍ਹਾਂ ਵਿੱਚ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਲਈ ਕਾਨੂੰਨੀ ਗਰੰਟੀ, ਸੀ2 + 50 ਫਾਰਮੂਲੇ ’ਤੇ ਐੱਮਐੱਸਪੀ ਨਿਰਧਾਰਤ ਕਰਨਾ, ਫਸਲ ਬੀਮਾ ਯੋਜਨਾ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸ਼ਾਮਲ ਹੈ।’’