ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫੀ ਦਿਨਾਂ ਤੋਂ ਉਡੀਕ ਕਰ ਰਹੇ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਬੁੱਧਵਾਰ ਨੂੰ ਦੁਪਹਿਰ ਤਕਰੀਬਨ 1 ਵਜੇ ਨਵੀਂ ਕਚਹਿਰੀਆਂ ਨੇੜੇ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੇ ਗਏ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਸਰਕਾਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦਾ ਮੌਕਾ ਦੇਣ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ ਅਤੇ ਜਿਨ੍ਹਾਂ ਨੂੰ ਰੁਜ਼ਗਾਰ ਦੀ ਲੋੜ ਹੈ ਉਨ੍ਹਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਕੁਝ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਹੋ ਗਈ ਸੀ ਪਰ ਰਿਸ਼ਵਤ ਦੇਣ ਲਈ ਪੈਸੇ ਨਾ ਹੋਣ ਕਰਕੇ ਉਹਨਾਂ ਨੂੰ ਪਹਿਲਾਂ ਮੌਕਾ ਨਹੀਂ ਮਿਲ ਸਕਿਆ। ਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ।