ਫਿਰੋਜ਼ਪੁਰ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਕਿੱਲੋ 747 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਤਸਕਰਾਂ ਨੂੰ 1 ਕਿਲੋ 747 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ । ਪੁਲਿਸ ਹੈਡਕੁਆਰਟਰ ਵਿਖੇ ਇਸ ਸਬੰਧੀ ਕਰਵਾਈ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਮਮਦੋਟ ਦੇ ਇੰਸਪੈਕਟਰ ਅਭਿਨਵ ਚੌਹਾਨ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਕੁਲਵਿੰਦਰ ਸਿੰਘ ਵਾਸੀ ਪੋਜੋ ਕੇ ਉਤਾੜ ਜੋ ਹੈਰੋਇਨ ਵੇਚਣ ਦਾ ਆਦੀ ਹੈ, ਜਿਸ ’ਤੇ ਪਹਿਲਾਂ ਵੀ ਐੱਨਡੀਪੀਐੱਸ ਐਕਟ ਅਧੀਨ ਮੁਕੱਦਮੇ ਦਰਜ ਹਨ, ਨੇ ਇੰਡੋ ਪਾਕਿ ਬਾਰਡਰ ਨਾਲ ਲੱਗਦੇ ਪਿੰਡ ਜੱਲੋ ਕੇ ਦੇ ਖੇਤਾਂ ਵਿਚ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਮੰਗਵਾਈ ਹੈ। ਉਹ ਆਪਣੇ ਸਾਥੀਆਂ ਚਰਨਜੀਤ ਸਿੰਘ ਉਰਫ ਚੰਨੂ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਪੋਜੋ ਕੇ ਉਤਾੜ ਅਤੇ ਅਕਾਸ਼ਵੀਰ ਸਿੰਘ ਉਰਫ ਗਗਨ ਪੁੱਤਰ ਪ੍ਰੀਤਮ ਸਿੰਘ ਵਾਸੀ ਬੂਹ ਗੁੱਜਰ ਥਾਣਾ ਮਖੂ ਜ਼ਿਲ੍ਹਾ ਫਿਰੋਜ਼ਪੁਰ ਨਾਲ ਮਿਲ ਕੇ ਜੱਲੋ ਕੇ ਖੇਤਾਂ ਵਿਚੋਂ ਡਰੋਨ ਰਾਹੀਂ ਮੰਗਵਾਈ ਹੋਈ ਹੈਰੋਇਨ ਚੁੱਕਣ ਦੀ ਤਾਕ ਵਿਚ ਆਸ ਪਾਸ ਘੁੰਮ ਰਹੇ ਹਨ। ਜੇਕਰ ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ 1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਬਲਵਿੰਦਰ ਸਿੰਘ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਫਿਰੋਜ਼ਪੁਰ ਕੈਂਟ ਵਾਸੀ ਸ਼ਿਵਾ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁਲਿਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।

Leave a Reply

Your email address will not be published. Required fields are marked *