: ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸੇਧਾਂ ਮੁਤਾਬਕ ਜ਼ਿਲ੍ਹਾ ਵਿੱਚ ਭਰਤੀ ਮੁਹਿੰਮ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਕਮੇਟੀ ਮੈਂਬਰ ਤੇਜਾ ਸਿੰਘ ਕਮਾਲਪੁਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਅਤੇ ਪੰਥਕ ਰਵਾਇਤਾਂ ਅਨੁਸਾਰ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਬੋਗਸ ਭਰਤੀ ਕੀਤੀ ਗਈ ਹੈ, ਜਿਸ ਨੂੰ ਪੰਥ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ ਵੀ ਪੰਥਕ ਰਵਾਇਤਾਂ ਅਨੁਸਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਕਿਸਾਨ ਆਗੂਆਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਕੀਤੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ। ਇਸ ਮੌਕੇ ਡਾ. ਗੁਰਚਰਨ ਸਿੰਘ ਚਹਿਲ, ਹਰਵਿੰਦਰ ਸਿੰਘ ਕਾਕੜਾ, ਇੰਦਰਜੀਤ ਸਿੰਘ ਤੂਰ ਅਤੇ ਦਿਲਬਾਗ ਸਿੰਘ ਆਲੋਅਰਖ ਹਾਜ਼ਰ ਸਨ।