Punjab Budget ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਵਹੀ ਖਾਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਆਪਣਾ ਲਗਾਤਾਰ ਚੌਥਾ ਬਜਟ ਪੇਸ਼ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਸਵੇਰੇ ਸਾਢੇ ਨੌਂ ਵਜੇ ਕੈਬਨਿਟ ਮੀਟਿੰਗ ਹੋਈ, ਜਿਸ ਵਿਚ ਬਜਟ ਅਨੁਮਾਨਾਂ ਨੂੰ ਮਨਜ਼ੂਰੀ ਦਿੱਤੀ ਗਈ।

ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਸਰਕਾਰ ਵੱਲੋਂ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤੇ ਜਾਣ ਦਾ ਅਨੁਮਾਨ ਹੈ, ਜੋ ਪਿਛਲੇ ਸਾਲ ਨਾਲੋਂ ਕਰੀਬ ਪੰਜ ਫੀਸਦ ਵੱਧ ਹੈ। ਇਹ ਆਪ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਹੋਵੇਗਾ।

ਬਜਟ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਮਾਸਿਕ ਦੀ ਗਾਰੰਟੀ ਉੱਤੇ ਵੀ ਲੋਕਾਂ ਦੀ ਨਜ਼ਰ ਰਹੇਗੀ, ਹਾਲਾਂਕਿ ਸੂਬੇ ਨੂੰ ਦਰਪੇਸ਼ ਆਰਥਿਕ ਤੰਗੀ ਦੇ ਮੱਦੇਨਜ਼ਰ ਇਹ ਫੈਸਲਾ ਫਿਲਹਾਲ ਅੱਗੇ ਪੈਣ ਦੀ ਸੰਭਾਵਨਾ ਹੈ।

‘ਆਪ’ ਸਰਕਾਰ ਵੱਲੋਂ ਚੌਥੇ ਬਜਟ ਵਿੱਚ ਆਮ ਆਦਮੀ ’ਤੇ ਕੋਈ ਨਵਾਂ ਟੈਕਸ ਲਾਉਣ ਦੀ ਸੰਭਾਵਨਾ ਘੱਟ ਜਾਪਦੀ ਹੈ। ਸਾਲ 2025-26 ਲਈ ਬਜਟ ਪ੍ਰਸਤਾਵ ਜ਼ਰੀਏ ‘ਆਪ’ ਸਰਕਾਰ ਸੂਬੇ ਦੀ ਵਿੱਤੀ ਮਜ਼ਬੂਤੀ ਨੂੰ ਦਰਸਾਏਗੀ। ਮਾਨ ਸਰਕਾਰ ਇਸ ਨੂੰ ਆਪਣੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਵਜੋਂ ਪੇਸ਼ ਕਰੇਗੀ।

ਬਜਟ ਤਜਵੀਜ਼ਾਂ ’ਚ ਮੁੱਖ ਤੌਰ ’ਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ, ਜਨਤਕ ਸਿੱਖਿਆ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਉਦਯੋਗਿਕ ਨਿਵੇਸ਼ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *