ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੌਥੇ ਬਜਟ ਵਿਚ ਹਰ ਵਰਗ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਸਵਾਲ ਕੀਤਾ, ‘‘ਆਮ ਆਦਮੀ ਪਾਰਟੀ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰਨ ਦਾ ਦਾਅਵਾ ਕੀਤਾ ਸੀ, ਉਹ ਕਿੱਥੇ ਹਨ? ਔਰਤਾਂ ਨੂੰ 1000 ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਉਹ ਵੀ ਹਾਲੇ ਤੱਕ ਨਹੀਂ ਦਿੱਤੇ ਗਏ।’’ ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ, ਨੌਜਵਾਨ, ਵਪਾਰੀ ਅਤੇ ਕਿਸਾਨ ਵਰਗ ਲਈ ਵੀ ਕੁਝ ਨਹੀਂ ਦਿੱਤਾ ਹੈ। ਮੁਲਾਜ਼ਮਾਂ ਨੂੰ ਓਪੀਐੱਸ ਦੇਣ ਦਾ ਦਾਅਵਾ ਕੀਤਾ ਗਿਆ ਸੀ ਜੋ ਹੁਣ ਤੱਕ ਨਹੀਂ ਦਿੱਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵਿਰੋਧੀ ਧਿਰ ਵੱਲੋਂ ਬਜਟ ਤੇ ਚਰਚਾ ਦੌਰਾਨ ਇਹ ਸਵਾਲ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੂੰ ਬੋਲਣ ਦਾ ਸਮਾਂ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਲੋਕਾਂ ਦੀ ਗੱਲ ਸੁਣਨ ਦੀ ਥਾਂ ਸਿਰਫ ਆਪਣੀ ਗੱਲ ਸੁਣਾਉਣ ਤੱਕ ਹੀ ਸੀਮਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਇਸ ਦਾ ਮੋੜਵਾਂ ਜਵਾਬ ਦੇਣਗੇ।