ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ ਸਮਰਥਨ ਵਿੱਚ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕੀਤੀ, “ਸਿਆਸੀ ਏਜੰਡੇ ਤੋਂ ਬਿਨਾਂ ਇੱਕ ਸੱਚਾ ਆਗੂ” ਹੈ। ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾ ਦਿੱਤਾ ਗਿਆ ਹੈ ਅਤੇ ਸਾਰੀਆਂ ਜਾਮ ਸੜਕਾਂ ਅਤੇ ਹਾਈਵੇਅ ਖੋਲ੍ਹ ਦਿੱਤੇ ਗਏ ਹਨ।
ਸਿਖਰਲੀ ਅਦਾਲਤ ਨੇ ਡੱਲੇਵਾਲ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਇੱਕ ਸੱਚਾ ਕਿਸਾਨ ਆਗੂ ਕਿਹਾ ਜਿਨ੍ਹਾਂ ਨੇ ਬਿਨਾਂ ਕਿਸੇ ਰਾਜਨੀਤਿਕ ਏਜੰਡੇ ਦੇ ਕਿਸਾਨ ਭਾਈਚਾਰੇ ਦੇ ਅਸਲ ਮੁੱਦੇ ਚੁੱਕੇ। ਅਦਾਲਤ ਨੇ ਕਿਹਾ ‘‘ਅਸੀਂ ਜਾਣਦੇ ਹਾਂ ਕਿ ਕੁਝ ਲੋਕ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਚਾਹੁੰਦੇ ਸਨ। ਅਸੀਂ ਹਾਥੀ ਦੰਦ ਦੇ ਟਾਵਰ ਵਿੱਚ ਨਹੀਂ ਬੈਠੇ ਹਾਂ। ਅਸੀਂ ਸਭ ਕੁਝ ਜਾਣਦੇ ਹਾਂ।’’ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਜ਼ਮੀਨੀ ਸਥਿਤੀ ’ਤੇ ਰਿਪੋਰਟ ਦਾਇਰ ਕਰਨ ਲਈ ਕਿਹਾ।