ਪੰਜਾਬ ‘ਚ ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਤੇਜ਼, 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ

ਖੰਨਾ : ਪੰਜਾਬ ‘ਚ ਕਣਕ ਦੇ ਸੀਜ਼ਨ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਤੋਂ ਪਹਿਲਾਂ ਐਸਡੀਐਮ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਸਾਰੀਆਂ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੰਨਾ ਮੰਡੀ ਵਿੱਚ ਕਿਸਾਨਾਂ ਦੇ ਬੈਠਣ ਲਈ ਢੁਕਵੀਂ ਜਗ੍ਹਾ, ਸਾਫ਼ ਪੀਣ ਵਾਲੇ ਪਾਣੀ, ਪਖਾਨਿਆਂ ਆਦਿ ਦੇ ਪ੍ਰਬੰਧਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਡੀ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਫਸਲ ਨੂੰ ਮੀਂਹ ਤੋਂ ਬਚਾਉਣ ਲਈ ਆੜ੍ਹਤੀਆਂ ਦੁਆਰਾ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਖਰੀਦ ਏਜੰਸੀਆਂ ਵੱਲੋਂ ਬਾਰਦਾਨੇ ਦੇ ਪ੍ਰਬੰਧ ਪਹਿਲਾਂ ਹੀ ਪੂਰੇ ਕਰ ਲਏ ਜਾਣਗੇ। ਇਸਤੋਂ ਇਲਾਵਾ ਕਣਕ ਦੀ ਲਿਫਟਿੰਗ ਸਬੰਧੀ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐਸਡੀਐਮ ਨੇ ਕਿਹਾ ਕਿ ਖੰਨਾ ਮੁੱਖ ਮੰਡੀ ਤੋਂ ਇਲਾਵਾ, ਰਾਹੋਣ ਪਾਰਟ ਏ-ਬੀ, ਦਹੇੜੂ, ਰਾਏਪੁਰ ਰਾਜਪੂਤਾਂ, ਈਸੜੂ, ਰੌਣੀ ਵਿਖੇ ਕਣਕ ਦੀ ਖਰੀਦ ਕੀਤੀ ਜਾਂਦੀ ਹੈ। ਪਿਛਲੇ ਸਾਲ 10 ਲੱਖ 43 ਹਜ਼ਾਰ 944 ਕੁਇੰਟਲ ਕਣਕ ਖਰੀਦੀ ਗਈ ਸੀ। ਇਸ ਵਾਰ ਆਮਦ ਵੱਧ ਹੋਣ ਦੀ ਉਮੀਦ ਹੈ।

Leave a Reply

Your email address will not be published. Required fields are marked *