ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਸ਼ਹਿਰ ਵਿੱਚ ਮਾਰਚ ਕੀਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ 7 ਅਪਰੈਲ ਨੂੰ ਤੈਅ ਕਰਵਾਏ ਜਾਣ ਮਗਰੋਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਅਤੇ ਧਰਨਾ ਸਮਾਪਤ ਕਰ ਦਿੱਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਅੱਜ ਸਥਾਨਕ ਸਿਵਲ ਹਸਪਤਾਲ ਪਾਰਕ ਵਿੱਚ ਇਕੱਠੇ ਹੋਏ ਜਿੱਥੋਂ ਮਾਰਚ ਕਰਦਿਆਂ ਬਰਨਾਲਾ ਚੌਕ, ਲਾਲ ਬੱਤੀ ਚੌਕ, ਭਗਤ ਨਾਮਦੇਵ ਚੌਕ ਅਤੇ ਨਾਨਕਿਆਣਾ ਚੌਕ ਹੁੰਦਿਆਂ ਜਿਉਂ ਹੀ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਤਾਂ ਵੱਡੀ ਤਾਦਾਦ ’ਚ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ। ਅਧਿਆਪਕਾਂ ਨੇ ਸੜਕ ਉੱਪਰ ਹੀ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਡਾ. ਟੀਨਾ ਅਤੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਪਿਛਲੇ ਲੰਮੇ ਸਮੇਂ ਦੇ ਰੁਕੇ ਬਕਾਏ ਲੈਣ ਅਤੇ ਤਨਖਾਹਾਂ ਵਿਚ ਵਾਧੇ ਲਈ ਸੰਘਰਸ਼ ਕਰ ਰਹੇ ਹਨ। ਪੈਨਲ ਮੀਟਿੰਗਾਂ ਦੌਰਾਨ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਹਿਮਤੀ ਦਿੱਤੀ ਜਾ ਚੁੱਕੀ ਹੈ ਪਰ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਤਨਖਾਹਾਂ ਵਿਚ ਸਿਰਫ਼ 2326 ਰੁਪਏ ਦਾ ਵਾਧਾ ਹੋਇਆ ਹੈ।
ਮੈਰੀਟੋਰੀਅਸ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ
