‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 32ਵੇਂ ਦਿਨ 40 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ – ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 32ਵੇਂ ਦਿਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ, ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 147 ਰੇਲਵੇ ਸਟੇਸ਼ਨਾਂ ’ਤੇ ਕਰੀਬ 1925 ਲੋਕਾਂ ਦੀ ਚੈਕਿੰਗ ਕੀਤੀ ਗਈ।

ਆਪ੍ਰੇਸ਼ਨ ਦੌਰਾਨ 6 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਮੰਗਲਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 40 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ 28 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ।

ਸਪੈਸ਼ਲ ਡੀ .ਜੀ. ਪੀ. ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਫੜ੍ਹੇ ਗਏ ਨਸ਼ਾ ਸਮੰਗਲਰਾਂ ਦੇ ਕਬਜ਼ੇ ’ਚੋਂ 320.5 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 1422 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 7978 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 255 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਪੰਜਾਬ ਪੁਲਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ।

Leave a Reply

Your email address will not be published. Required fields are marked *