ਨਵੀਂ ਦਿੱਲੀ, 28 ਸਤੰਬਰ (ਦਲਜੀਤ ਸਿੰਘ)- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਟਵੀਟ ਕਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਾਅਦੇ ਯਾਦ ਕਰਵਾਏ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਨਵੀਂ ਸਰਕਾਰ ਤੋਂ ਉਮੀਦ ਹੈ ਕਿ ਹੁਣ ਸਾਰੇ ਕਿਸਾਨਾਂ ਦਾ ਪੂਰਾ ਕਰਜ਼ ਮੁਆਫ਼ ਕਰੇਗੀ। ਕਾਂਗਰਸ ਅਤੇ ਕੈਪਟਨ ਦਾ ਵਾਅਦਾ ਤਾਂ ਨਵੇਂ ਮੁੱਖ ਮੰਤਰੀ ਨੂੰ ਵੀ ਯਾਦ ਹੋਵੇਗਾ? ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ’ਤੇ 27 ਸਤੰਬਰ ਯਾਨੀ ਸੋਮਵਾਰ ਨੂੰ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਭਾਰਤ ਬੰਦ ਬੁਲਾਇਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਖ਼ਾਸ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ, ਪਿਛਲੇ ਸਾਲ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਿਸਟਮ ਖ਼ਤਮ ਹੋ ਜਾਵੇਗਾ। ਹਾਲਾਂਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੇ ਰੂਪ ਵਿਚ ਪੇਸ਼ ਕਰ ਰਹੀ ਹੈ। ਦੋਹਾਂ ਪੱਖਾਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।