ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਏ ਜਾਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਇੱਥੇ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ। ਉਧਰ ਮਜੀਠੀਆ ਨੇ ਕਿਹਾ ਕਿ ਸਰਕਾਰ ਉਨ੍ਹਾਂ ਦਾ ਐਨਕਾਊਂਟਰ ਕਰਵਾਉਣਾ ਚਾਹੁੰਦੀ ਹੈ। ਮੁਲਾਕਾਤ ਮਗਰੋਂ ਸੁਖਬੀਰ ਨੇ ਕਿਹਾ ਕਿ ਕਿਸੇ ਵੱਡੀ ਸਾਜ਼ਿਸ਼ ਤਹਿਤ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ, ਜੋ ਘਟੀਆ ਸਿਆਸਤ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਯੋਜਨਾ ਤਹਿਤ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ’ਤੇ ਵੀ ਹਮਲਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੂਰੀ ਤਰ੍ਹਾਂ ਮਜੀਠੀਆ ਦੇ ਨਾਲ ਖੜ੍ਹਾ ਹੈ। ਸੁਖਬੀਰ ਨੇ ਕਿਹਾ ਕਿ ਮਜੀਠੀਆ ਵੱਲੋਂ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ, ਜਿਸ ਕਰਕੇ ਸਰਕਾਰ ਉਨ੍ਹਾਂ ਨੂੰ ਡਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾ ਡਰੇਗਾ ਅਤੇ ਨਾ ਹੀ ਝੁਕੇਗਾ। ਅਕਾਲੀ ਦਲ ਵੱਲੋਂ ਮਜੀਠੀਆ ਦੀ ਸੁਰੱਖਿਆ ਕੀਤੀ ਜਾਵੇਗੀ।
ਮਜੀਠੀਆ ਨੇ ਜੈੱਡ ਪਲੱਸ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦਾ ਐਨਕਾਊਂਟਰ ਕਰਵਾਉਣਾ ਚਾਹੁੰਦੀ ਹੈ। ਸਿੱਧੂ ਮੂਸੇਵਾਲਾ ਨਾਲ ਵੀ ਅਜਿਹਾ ਹੀ ਹੋਇਆ ਸੀ। ਉਨ੍ਹਾਂ ਕਿਹਾ ਕਿ ਡੀਜੀਪੀ ਗੌਰਵ ਯਾਦਵ ਸੁਰੱਖਿਆ ਵਾਪਸੀ ਬਾਰੇ ਲਿਖ ਕੇ ਦੇਣ ਕਿ ਮਜੀਠੀਆ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ। ਅਕਾਲੀ ਆਗੂ ਨੇ ਕਿਹਾ ਕਿ ਜੇ ਕੋਈ ਅਣਹੋਣੀ ਵਾਪਰੀ ਤਾਂ ਇਸ ਲਈ ਡੀਜੀਪੀ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਮਜੀਠੀਆ ਨੇ ਕਿਹਾ ਕਿ ਇੱਕ ਪਾਸੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਹੋਰਨਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੀ ਸੁਰੱਖਿਆ ਹਟਾਈ ਜਾ ਰਹੀ ਹੈ। ਜੇ ਪੰਜਾਬ ਇੰਨਾ ਹੀ ਸੁਰੱਖਿਅਤ ਹੈ ਤਾਂ ਕੇਜਰੀਵਾਲ ਦੀ ਸੁਰੱਖਿਆ ਵੀ ਹਟਾ ਦਿੱਤੀ ਜਾਵੇ।