Moga Sex Scandal ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਭ੍ਰਿਸਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਅੱਜ 5-5 ਸਾਲ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਪਰੋਕਤ ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਪਿਛਲੀ ਤਰੀਕ ’ਤੇ ਪਹਿਲਾਂ ਹੀ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ ਜਦੋਕਿ ਇੱਕ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ 11 ਦਸੰਬਰ 2007 ਨੂੰ ਪਰਚਾ ਦਰਜ ਕੀਤਾ ਸੀ।