ਜੌੜੇਮਾਜਰਾ ਦੀ ਮੁਆਫ਼ੀ ਦੇ ਮੱਦੇਨਜ਼ਰ ਅਧਿਆਪਕਾਂ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਰੱਦ

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਬੀਤੇ ਦਿਨ ਸਮਾਣਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਨੂੰ ਬੋਲੇ ਅਪਸ਼ਬਦਾਂ ਨੂੰ ਲੈ ਕੇ ਅਧਿਆਪਕ ਵਰਗ ਸਮੇਤ ਸਮਾਜ ਦੇ ਚਿੰਤਨਸ਼ੀਲ ਵਰਗ ਵਿੱਚ ਪਾਏ ਜਾ ਰਹੇ ਗੁੱਸੇ ਦੇ ਮੱਦੇਨਜ਼ਰ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਚੇਤਨ ਸਿੰਘ ਜੋੜੇਮਾਜਰਾ ਦੀ ਨਿਖੇਧੀ ਕਰਨ ਅਤੇ ਹੁਣ ਵਿਧਾਇਕ ਜੋੜੇਮਾਜਰਾ ਵੱਲੋਂ ਬਿਨਾਂ ਸ਼ਰਤ ਅਧਿਆਪਕ ਵਰਗ ਤੋਂ ਮੰਗੀ ਮਆਫੀ ’ਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), 6635 ਈਟੀਟੀ ਅਧਿਆਪਕ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਨੇ ਤਸੱਲੀ ਪ੍ਰਗਟ ਕੀਤੀ ਹੈ ਅਤੇ ਸ੍ਰੀ ਜੋੜੇਮਾਜਰਾ ਨੂੰ ਭਵਿੱਖ ਵਿੱਚ ਸੁਚੇਤ ਰਹਿਣ ਦੀ ਤਾਕੀਦ ਵੀ ਕੀਤੀ। ਇਸ ਦੇ ਮੱਦੇਨਜ਼ਰ ਅਧਿਆਪਕ ਜਥੇਬੰਦੀਆਂ ਵੱਲੋਂ ਅਧਿਆਪਕਾਂ ਦੀ ਸਨਮਾਨ ਬਹਾਲੀ ਨੂੰ ਲੈ ਕੇ 11 ਅਪਰੈਲ ਨੂੰ ਜਿਲ੍ਹਾ ਕੇਂਦਰਾਂ ‘ਤੇ ਐਲਾਨੇ ਪੁਤਲਾ ਫੂਕ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਅਧਿਆਪਕ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਸਿੱਖਿਆ ਮੰਤਰੀ ਵੱਲ ‘ਮੰਗ ਪੱਤਰ’ ਭੇਜਣ ਦੇ ਪਹਿਲਾਂ ਐਲਾਨੇ ਪ੍ਰੋਗਰਾਮ ਬਰਕਰਾਰ ਰਹਿਣਗੇ।

ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜੀਆਂਵਾਲੀ, 6635 ਈਟੀਟੀ ਟੀਚਰ ਯੂਨੀਅਨ ਤੋਂ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਸੂਬਾ ਆਗੂ ਸ਼ਲਿੰਦਰ ਕੰਬੋਜ, 4161 ਮਾਸਟਰ ਕਾਡਰ ਯੂਨੀਅਨ ਤੋਂ ਬਲਕਾਰ ਮਘਾਣੀਆਂ ਅਤੇ ਸੰਦੀਪ ਗਿੱਲ ਨੇ ਸਪੱਸ਼ਟ ਕੀਤਾ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਪਹਿਲਾ ਹੀ ‘ਕਥਿਤ’ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮ ਨੂੰ ਸਕੂਲਾਂ ਦੇ ਉਸਾਰੂ ਵਿੱਦਿਅਕ ਮਾਹੌਲ ਦੇ ਪ੍ਰਤੀਕੂਲ ਮੰਨਦੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਉਹ ਅੱਜ ਵੀ ਬੇਜ਼ਿਦ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਿੰਸੀਪਲਾਂ, ਅਧਿਆਪਕਾਂ ਦੀਆਂ ਖਾਲੀ ਹਜ਼ਾਰਾਂ ਅਸਾਮੀਆਂ ਭਰਦਿਆਂ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਅਤੇ ਵਿੱਦਿਅਕ ਕਲੰਡਰ ਤਿਆਰ ਕੀਤੇ ਜਾਣ ਅਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਮਾਹੌਲ ਨੂੰ ਪ੍ਰਭਾਵਿਤ ਕਰ ਰਹੇ ਉਦਘਾਟਨੀ ਸਮਾਰੋਹਾਂ ਦੇ ਫੈਸਲੇ ਨੂੰ ਵਾਪਿਸ ਲੈਣ ‘ਤੇ ਪੁਨਰ ਵਿਚਾਰ ਕੀਤਾ ਜਾਵੇ। ਡੈਮੋਕ੍ਰੈਟਿਕ ਟੀਚਰ ਫਰੰਟ ਅਤੇ ਬਾਕੀ ਜਥੇਬੰਦੀਆਂ ਵੱਲੋਂ ਮੀਡੀਆ ਵਲੋਂ ਨਿਭਾਈ ਭੂਮਿਕਾ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *