ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਇੱਕ ਹੈਂਡ ਗਰਨੇਡ ਅਤੇ 183 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ਉਤੇ ਕੀਤੀ ਇੱਕ ਪੋਸਟ ਰਾਹੀ ਕੀਤਾ ਹੈ।
ਉਨ੍ਹਾਂ ਐਕਸ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਲਜਿੰਦਰ ਸਿੰਘ ਕੋਲੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਇਹ ਨਵੀਂ ਬਰਾਮਦਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 11 ਅਪਰੈਲ ਨੂੰ ਇਸ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਇਸ ਮੁਲਜ਼ਮ ਤੋਂ ਇਲਾਵਾ ਪੁਲੀਸ ਨੇ ਇਸ ਦੇ ਨਾਲ ਪੁਲਵਿੰਦਰ ਸਿੰਘ ਉਰਫ ਪਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਕੋਲੋਂ ਇੱਕ ਗਲੌਕ ਪਿਸਤੌਲ ਅਤੇ 523 ਗਰਾਮ ਹੈਰੋਇਨ ਬਰਾਮਦ ਕੀਤੀ ਸੀ। ਇਹ ਬਰਾਮਦਗੀ ਸਮੇਂ ਇਸ ਮੁਲਜ਼ਮ ਨੇ ਪੁਲੀਸ ’ਤੇ ਗੋਲੀ ਚਲਾਈ ਸੀ ਅਤੇ ਜਵਾਬੀ ਕਾਰਵਾਈ ਵਿੱਚ ਪੁਲੀਸ ਵੱਲੋਂ ਚਲਾਈ ਗੋਲੀ ਨਾਲ ਉਹ ਜ਼ਖਮੀ ਹੋ ਗਿਆ ਸੀ।
ਹੁਣ ਤੱਕ ਇਸ ਮਾਮਲੇ ਵਿੱਚ ਇੱਕ ਹੈਂਡ ਗਰਨੇਡ, 606 ਗ੍ਰਾਮ ਹੈਰੋਇਨ, ਦੋ ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਜਾ ਚੁੱਕੇ ਹਨ। ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਮੁਲਜ਼ਮ ਗੈਂਗਸਟਰ ਹੈਪੀ ਪੱਸ਼ੀਆਂ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਦਿਸ਼ਾ ਨਿਰਦੇਸ਼ ’ਤੇ ਮੁਜਰਮਾਨਾ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਸਨ।