ਫਰੀਦਕੋਟ : ਸਾਉਣੀ 2025 ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ ਮੁਹਈਆ ਕਰਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਫਰੀਦਕੋਟ ਦੇ ਸਮੂਹ ਬੀਜ ਡੀਲਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਵੱਲੋਂ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੁੜੀਂਦੇ ਖੇਤੀ ਇਨਪੁਟਸ ਖਾਸ ਕਰ ਕੇ ਬੀਜਾਂ ਦੀ ਉਪਲੱਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ-2025 ਦੌਰਾਨ ਸੂਬੇ ‘ਚ ਝੋਨੇ ਦੀ ਕਿਸਮ ਪੂਸਾ-44 ਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਗੈਰ-ਪ੍ਰਮਾਣਿਤ ਕਿਸਮਾਂ ਦੀ ਚੌਲਾਂ ਦੀ ਰਿਕਵਰੀ ਵੀ ਘੱਟ ਹੈ, ਜਿਸ ਕਾਰਨ ਇਹ ਕਿਸਮਾਂ ਸ਼ੈਲਰਾਂ ਵਿੱਚ ਸਰਕਾਰ ਵੱਲੋਂ ਰੱਖੇ ਮਾਪਦੰਡ ’ਤੇ ਖਰੀਆਂ ਨਹੀ ਉੱਤਰਦੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ’ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕਰੇਤਾ ਗੈਰ ਪ੍ਰਮਾਣਿਤ ਕਿਸਮਾਂ ਦੇ ਬੀਜ ਦੀ ਵਿੱਕਰੀ ਨਾ ਕਰਨ, ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਰੋਕਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਦੁਕਾਨਦਾਰ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਨਾ ਕਰੇ ਅਤੇ ਕਿਸਾਨਾਂ ਨੂੰ ਬੀਜ ਦੀ ਵਿਕਰੀ ਉਪਰੰਤ ਬਿੱਲ ਜ਼ਰੂਰ ਦੇਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਬੀਜ ਦੀ ਖ਼ਰੀਦ ਕਰਨ ਸਮੇਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ, ਫਰੀਦਕੋਟ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਫਰੀਦਕੋਟ ਵਿਚ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸਮਾਂ 1 ਜੂਨ ਤੋਂ ਨਿਰਧਾਰਿਤ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਪੀਆਰ 126, 127, 128, 129, 130, 131 ਅਤੇ 132 ਦੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜੋ ਪਾਣੀ ਦੀ ਬੱਚਤ ਲਈ ਵਧੇਰੇ ਕਾਰਗਰ ਹਨ। ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ-2025 ਸੀਜ਼ਨ ਦੌਰਾਨ ਪੀਏਯੂ ਲੁਧਿਆਣਾ ਵੱਲੋਂ ਵਿਕਸਿਤ ਕੀਤੀਆਂ ਘੱਟ ਸਮਾਂ ਲੈਣ ਵਾਲੀਆਂ ਪਰਮਲ ਕਿਸਮਾਂ ਨੂੰ ਵੱਧ ਤੋ ਵੱਧ ਰਕਬੇ ਵਿੱਚ ਲਗਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵੀ ਬਚਾਇਆ ਜਾ ਸਕੇ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੀਆਰ 126 ਕਿਸਮ ਦੀ 25-30 ਦਿਨ ਦੀ ਪਨੀਰੀ ਲਗਾਉਣ ਤੋਂ ਬਾਅਦ 93 ਦਿਨ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਕਿਸਮ ਦੀ ਪਰਾਲੀ ਵੀ ਘੱਟ ਬਣਦੀ ਹੈ, ਜਿਸ ਦਾ ਆਸਾਨੀ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਡਾ. ਹਰਿੰਦਰਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ (ਬੀਜ) ਵੱਲੋਂ ਸਮੂਹ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਸਬੰਧੀ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ ਅਤੇ ਨਾਲ ਹੀ ਬੀਜ ਲਾਇਸੈਂਸ ‘ਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਡਾ. ਨਵਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਜਗਮੀਤ ਸਿੰਘ ਅਤੇ ਕੁਲਵੰਤ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸਮੂਹ ਬੀਜ ਵਿਕਰੇਤਾ ਵੀ ਹਾਜ਼ਰ ਸਨ।