ਐਡਵੋਕੇਟ ਧਾਮੀ ਨੇ ਬੇਅਦਬੀ ਦੀ ਘਟਨਾ ਕੀਤੀ ਸਖਤ ਨਿੰਦਾ, ਕਿਹਾ- ਹਰ ਪਿੰਡ ‘ਚ ਇੱਕ ਗੁਰਦੁਆਰਾ ਹੋਏ ਤੇ ਸਾਰੀ ਸੰਗਤ ਰਲ਼ ਕੇ ਕਰੇ ਪ੍ਰਬੰਧ

ਅੰਮ੍ਰਿਤਸਰ: ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗੁਰਦੁਆਰਾ ਸਾਹਿਬ ਬਣੇ ਹਨ, ਪਰੰਤੂ ਸਾਂਭ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਸਾਹਿਬ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪ੍ਰਬੰਧ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂਝੇ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰਾਂ ਲਈ ਪਹਿਰੇਦਾਰੀ ਵਾਸਤੇ ਸੁਹਿਰਦ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦੁੱਖ ਨਾ ਸਹਿਣਾ ਪਵੇ।

Leave a Reply

Your email address will not be published. Required fields are marked *