ਸੁਨਾਮ : ਜ਼ਿਲ੍ਹਾ ਸੰਗਰੂਰ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬਾਅਦ ਮੰਗਲਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਸਖ਼ਤ ਨਾਕਾਬੰਦੀ ਕਰਕੇ ਅੱਗੇ ਵਧਣ ਤੋਂ ਜ਼ਬਰਦਸਤੀ ਰੋਕ ਲਿਆ। ਕਿਸਾਨਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਸਮੇਤ ਦਰਜਨਾਂ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਸਿੱਧੂਪੁਰ ਵੱਲੋਂ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਸਵਾਲ ਪੁੱਛਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ। ਇਸ ਤਹਿਤ ਦੋਵਾਂ ਜਥੇਬੰਦੀਆਂ ਦੇ ਨੁਮਾਇੰਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਇਕੱਠੇ ਹੋਏ, ਜਿਉਂ ਹੀ ਕਿਸਾਨਾਂ ਨੂੰ ਮੰਤਰੀ ਅਮਨ ਅਰੋੜਾ ਦਾ ਸ਼ਾਹਪੁਰ ਕਲਾਂ ਵਿਖੇ ਪੁੱਜ ਜਾਣ ਦਾ ਪਤਾ ਲੱਗਾ ਤਾਂ ਇਕੱਠੇ ਹੋਏ ਕਿਸਾਨਾਂ ਨੇ ਸਵਾਲ ਪੁੱਛਣ ਜਾਣ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਨਾਕਾਬੰਦੀ ਕਰਕੇ ਉੱਥੇ ਹੀ ਰੋਕ ਲਿਆ ਤਾਂ ਕਿਸਾਨਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।