ਨਵੀਂ ਦਿੱਲੀ: ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਨੇ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਉਸਾਰੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕਾਰਜਕਾਲ ਦੌਰਾਨ 12,748 ਕਲਾਸ ਰੂਮਾਂ/ਇਮਾਰਤਾਂ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਸੀ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਮਨੀਸ਼ ਸਿਸੋਦੀਆ ਡਿਪਟੀ ਸੀਐੱਮ ਅਤੇ ਸਿੱਖਿਆ ਮੰਤਰੀ ਸਨ ਅਤੇ ਸਤੇਂਦਰ ਜੈਨ ਲੋਕ ਨਿਰਮਾਣ ਮੰਤਰੀ ਸਨ।ਇਨ੍ਹਾਂ ਦੋਵਾਂ ਖ਼ਿਲਾਫ਼ ਸਕੂਲਾਂ ਵਿੱਚ ਕਲਾਸ ਰੂਮਾਂ ਦੀ ਉਸਾਰੀ ’ਤੇ ਵੱਧ ਖਰਚਾ ਲਿਆਉਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਪ੍ਰੋਜੈਕਟ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇੱਕ ਵੀ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਨਹੀਂ ਹੋਇਆ।
ਇਹ ਧਿਆਨ ਦੇਣ ਯੋਗ ਹੈ ਕਿ ਆਬਕਾਰੀ ਨੀਤੀ ਘੁਟਾਲੇ ਵਿੱਚ ਮਨੀਸ਼ ਸਿਸੋਦੀਆ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਵਿਰੁੱਧ ਪਹਿਲਾਂ ਹੀ ਜਾਂਚ ਚੱਲ ਰਹੀ ਹੈ। ਦੋਵੇਂ ਆਗੂ ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹ ਜਾ ਚੁੱਕੇ ਹਨ।