ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ।
ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ। ਸੰਜੀਵ ਕੁਮਾਰ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।

ਅੱਜ ਪੰਜਾਬ ਦੇ ਮੁੱਖ ਇੰਜੀਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।

ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ । ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਵਾਧੂ ਪਾਣੀ ਹਰਿਆਣਾ ਨੂੰ ਦੇਣ ਤੋਂ ਰੋਕਣ ਲਈ ਸਾਰੇ ਤਰੀਕੇ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਪੁਲੀਸ ਡੈਮ ਲਾਗੇ ਪਹੁੰਚ ਗਈ ਹੈ।

Leave a Reply

Your email address will not be published. Required fields are marked *