ਬੀਬੀਐੱਮਬੀ ਦਾ ਫੈਸਲਾ: ‘ਆਪ’ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਆਮ ਆਦਮੀ ਪਾਰਟੀ ਨੇ ਬੀਬੀਐੱਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬਾ ਭਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ‘ਆਪ’ ਨੇ ਭਾਰਤੀ ਜਨਤਾ ਪਾਰਟੀ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਰਾਹੀਂ ਪੰਜਾਬ ਦੇ ਪਾਣੀ ਨੂੰ ਹਰਿਆਣਾ ਨੂੰ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਫੈਸਲਾ ਸਿੱਧੇ ਤੌਰ ’ਤੇ ਪੰਜਾਬ ਦੇ ਹੱਕਾਂ ਉੱਤੇ ਹਮਲਾ ਹੈ ਅਤੇ ਇਹ ਸੂਬੇ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ‘ਆਪ’ ਨੇ ਐਲਾਨ ਕੀਤਾ ਕਿ ਇਸ ਫੈਸਲੇ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਹਰ ਜ਼ਿਲ੍ਹੇ ’ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵੱਲੋ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹਜ਼ਾਰਾਂ ਵਰਕਰ ਲੈਣਗੇ ਹਿੱਸਾ ਲੈਣਗੇ। ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਜਾਰੀ ਰਖੇਗੀ। ਪਾਰਟੀ ਇਹ ਸਪਸ਼ਟ ਕਰਨਾ ਚਾਹੁੰਦੀ ਹੈ ਕਿ ਪੰਜਾਬ ਦੇ ਪਾਣੀ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਸਰਕਾਰ ਇਹ ਹੱਕ ਖੋਹ ਨਹੀਂ ਸਕਦੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਬੀਬੀਐੱਮਬੀ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਭਾਜਪਾ ਨੂੰ ਚਣੌਤੀ ਦਿੱਤੀ ਹੈ ਕਿ ਉਹ ਹੁਣ ਵਿਰੋਧ ਲਈ ਤਿਆਰ ਰਹੇ। ਉਨ੍ਹਾਂ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਬੀਬੀਐਮਬੀ ਜ਼ਰੀਏ ਹਰਿਆਣਾ ਨੂੰ ਦੇਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ, ‘‘ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਖ਼ਿਲਾਫ਼ ਇਕਜੁੱਟ ਹੋ ਗਈ ਹੈ। ਭਾਜਪਾ ਦਾ ਸਾਡੇ ਹੱਕਾਂ ’ਤੇ ਇੱਕ ਹੋਰ ਡਾਕਾ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।’’

Leave a Reply

Your email address will not be published. Required fields are marked *