ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਵਾਪਸ ਲੈਣ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਿੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਕੇ ਵਿਚਾਰ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੂੰ ਮਿਲ ਕੇ ਆਏ ਸਨ।
ਇਸ ਸਬੰਧ ਵਿੱਚ ਅੱਜ ਐਡਵੋਕੇਟ ਧਾਮੀ ਵੱਲੋਂ ਸਿੱਖ ਧਾਰਮਿਕ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਇੱਕ ਮੀਟਿੰਗ ਵੀ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਮੂਹ ਸਿੱਖ ਜੱਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਇਸ ਸਬੰਧੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਜਾਵੇਗੀ।
ਇਸ ਦੌਰਾਨ ਉਹ ਫੈਡਰੇਸ਼ਨਾਂ ਤੇ ਹੋਰ ਸਿੱਖ ਵਿਦਵਾਨਾਂ ਨਾਲ ਵੀ ਮੀਟਿੰਗਾਂ ਕਰਨਗੇ। ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਦਾ ਕਹਿਣਾ ਹੈ ਕਿ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਕੀਤੀ ਹੋਈ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ। ਗ਼ੌਰਤਲਬ ਹੈ ਕਿ ਰਾਜੋਆਣਾ ਵੱਲੋਂ ਸ਼ੁਰੂ ਤੋਂ ਹੀ ਇਸ ਪਟੀਸ਼ਨ ਦਾ ਵਿਰੋਧ ਕੀਤੇ ਜਾਣ ਦੀਆਂ ਖ਼ਬਰਾਂ ਹਨ।
ਉਨ੍ਹਾਂ ਕਿਹਾ ਕਿ ਇਹ ਇਕ ਕੌਮੀ ਮੁੱਦਾ ਹੈ ਅਤੇ ਉਹ ਇਸ ਮੁੱਦੇ ’ਤੇ ਸਮੁੱਚੀ ਸਿੱਖ ਕੌਮ ਦੀ ਰਾਇ ਲੈਣਾ ਚਾਹੁੰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਬਾਅਦ ਹੀ ਇਸ ਬਾਰੇ ਕੋਈ ਅਗਲਾ ਫੈਸਲਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਪਟੀਸ਼ਨ ਸਬੰਧੀ ਕੋਈ ਅਗਲੇਰੀ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਕੋਲ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਕੋਲੋਂ ਮੁਲਾਕਾਤ ਲਈ ਵੀ ਸਮਾਂ ਮੰਗਿਆ ਗਿਆ ਸੀ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।