ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ ਬੰਦ ਕਰ ਦਿੱਤਾ ਗਿਆ ਹੈ।
ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸੇਵਾਵਾਂ ਰੱਦ ਕਰ ਦਿੱਤੀਆਂ। ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਹਵਾਈ ਅੱਡਿਆਂ ਵਿੱਚ ਸ੍ਰੀਨਗਰ, ਲੇਹ, ਜੰਮੂ, ਅੰਮ੍ਰਿਤਸਰ, ਪਠਾਨਕੋਟ, ਚੰਡੀਗੜ੍ਹ, ਜੋਧਪੁਰ, ਜੈਸਲਮੇਰ, ਸ਼ਿਮਲਾ, ਧਰਮਸ਼ਾਲਾ ਅਤੇ ਜਾਮਨਗਰ ਸ਼ਾਮਲ ਹਨ।
ਸੂਤਰਾਂ ਦੇ ਅਨੁਸਾਰ ਏਅਰਲਾਈਨਾਂ ਵੱਲੋਂ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ 200 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਇੰਡੀਗੋ ਨੇ ਹੀ ਲਗਭਗ 160 ਉਡਾਣਾਂ ਰੱਦ ਕੀਤੀਆਂ ਹਨ। ਏਅਰਲਾਈਨ ਨੇ ਐਕਸ ਪੋਸਟ ਵਿਚ ਕਿਹਾ, ‘‘ਇਨ੍ਹਾਂ ਹਵਾਈ ਅੱਡਿਆਂ ਨੂੰ ਬੰਦ ਕਰਨ ਬਾਰੇ ਹਵਾਬਾਜ਼ੀ ਅਧਿਕਾਰੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਜੰਮੂ, ਸ੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਤੋਂ ਆਉਣ ਵਾਲੀਆਂ ਏਅਰ ਇੰਡੀਆ ਦੀਆਂ ਉਡਾਣਾਂ 10 ਮਈ ਨੂੰ 05.29 ਵਜੇ ਭਾਰਤੀ ਸਮੇਂ ਅਨੁਸਾਰ ਰੱਦ ਕੀਤੀਆਂ ਜਾ ਰਹੀਆਂ ਹਨ।’’
ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਇਕ ਪੋਸਟ ਵਿੱਚ ਕਿਹਾ ਕਿ ਉਸ ਨੇ ਪਾਕਿਸਤਾਨੀ ਹਵਾਈ ਖੇਤਰ ਬੰਦ ਹੋਣ ਕਾਰਨ ਪਾਕਿਸਤਾਨ ਲਈ ਉਡਾਣਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਹਨ।