ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਬਿਜਾਈ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਤੇ ਸਬੰਧਤ ਖੇਤਰਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ ਤੋਂ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਵਿੱਚ ਬਿਜਾਈ ਦੀ ਆਗਿਆ ਦਿੱਤੀ ਗਈ ਹੈ। ਇਸ ਵਿੱਚ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਸ਼ਾਮਲ ਹਨ। 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਕੀਤੀ ਜਾਵੇਗੀ। ਬਾਕੀ ਜ਼ਿਲ੍ਹੇ ਜਿਵੇਂ- ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ।