ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਦੀ ਰਾਖੀ ਲਈ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਜੁਲਾਈ ਦੇ ਅਖੀਰ ਜਾਂ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਲਗਾਇਆ ਜਾਵੇਗਾ। ਉਨ੍ਹਾਂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਰਕੇ ਪੰਜਾਬ ਦਾ ਪਾਣੀ ਅਤੇ ਸਹਿਕਾਰੀ ਸਭਾਵਾਂ ਤਬਾਹ ਹੋਣ ਕੰਢੇ ਪਹੁੰਚ ਚੁੱਕੀਆਂ ਹਨ। ਇਨ੍ਹਾਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖਤਮ ਹੋਣ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ, ਇਸ ਲਈ ਸਾਨੂੰ ਖੇਤੀਬਾੜੀ ਲਈ ਧਰਤੀ ਹੇਠਲਾ ਪਾਣੀ ਛੱਡ ਕੇ ਨਹਿਰੀ ਪਾਣੀ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਆਦਾਤਰ ਸਹਿਕਾਰੀ ਸਭਾਵਾਂ ਘਾਟੇ ਵਿੱਚ ਚੱਲ ਰਹੀਆਂ ਹਨ ਪਰ ਸੂਬਾ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਵੱਲ ਧਿਆਨ ਕੇਂਦਰਿਤ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੇ ਲੋਕਾਂ ਦੀ ਲਾਈਫਲਾਈਨ ਹੈ ਜਿਸ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।