ਚੰਡੀਗੜ੍ਹ, 1 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਮੁਲਤਵੀ ਕਰਨ ਦੇ ਦਿੱਤੇ ਗਏ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨਾਂ ਵੱਲੋਂ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਦੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ ਅਜਿਹੇ ਵਿੱਚ ਐਨ ਮੌਕੇ ਤੇ ਝੋਨੇ ਦੀ ਖਰੀਦ ਦਸ ਦਿਨ ਅੱਗੇ ਪਾਉਣ ਨਾਲ ਕਿਸਾਨਾਂ ਬੇਲੋੜੀ ਉਲਝਣ ਵਿੱਚ ਪੈ ਗਏ ਹਨ। ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਝੋਨੇ ਦੀ ਖਰੀਦ ਦੀ ਪ੍ਰਕੀਰਿਆ ਤੂਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਸਬੰਧ ਵਿੱਚ ਕੇਂਦਰ
ਤੇ ਦਬਾਅ ਪਾਉਣ ਤੋਂ ਇਲਾਵਾ ਝੋਨੇ ਦੀ ਖਰੀਦ ਲਈ ਮੁਕੰਮਲ ਪ੍ਰਬੰਧ ਕਰਨ ਦੀ ਗੱਲ ਆਖੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਪਿਛਲੇ ਇੱਕ ਸਾਲ ਤੋਂ ਆਪਣਾ ਘਰ-ਪਰਿਵਾਰ ਛੱਡ ਕੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਦਿੱਲੀ ਦੀਆਂ ਹੱਦਾਂ ਤੇ ਬੈਠਾ ਹੈ ਅਜਿਹੇ ਸਮੇਂ ਵਿੱਚ ਕੇਂਦਰ ਵੱਲੋਂ ਝੋਨੇ ਦੀ ਖਰੀਦ ਮੁਲਤਵੀ ਕੀਤੇ ਜਾਣ ਨਾਲ ਪੰਜਾਬ ਦਾ ਕਿਸਾਨ ਬੇਲੋੜੀ ਉਲਝਣ ਅਤੇ ਅਨਿਸ਼ਚਿਤਤਾ ਵਿੱਚ ਫੱਸ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ
ਤੇ ਕੀਟ ਪਤੰਗਿਆਂ ਅਤੇ ਭਾਰੀ ਬਾਰਿਸ਼ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਵਿਸ਼ੇਸ਼ ਤੌਰ `ਤੇ ਮਾਲਵਾ ਪੱਟੀ ਵਿੱਚ ਗੁਲਾਬੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋ ਗਈ ਹੈ ਅਤੇ ਦੁਆਬੇ ਵਿੱਚ ਵੀ ਸੈਂਕੜੇ ਏਕੜ ਮੱਕੀ ਅਤੇ ਗੰਨੇ ਦੀ ਫਸਲ ਮਾਰੂ ਮੌਸਮ ਅਤੇ ਕੀਟਾਂ ਦੇ ਹਮਲੇ ਨਾਲ ਨਸ਼ਟ ਹੋ ਗਈ ਹੈ। ਸ: ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਜਿਹੇ ਸਮੇਂ ਵਿੱਚ ਕਿਸਾਨਾਂ ਦੀਆਂ ਮੁਸੀਬਤਾਂ ਵਧਾਉਣ ਦੀ ਥਾਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦੀ ਅਪੀਲ ਕੀਤੀ ਹੈ।